ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪੂਰੀ ਤਰ੍ਹਾਂ ਵਚਨਬੱਧ – ਵਿਧਾਇਕ ਚੱਢਾ 

Sorry, this news is not available in your requested language. Please see here.

— ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੱਚਿਆਂ ਦੀ ਸਾਂਭ ਸੰਭਾਲ ਲਈ ਬਣਾਏ ਕਰੈਚ ਸੈਂਟਰ ਦਾ ਕੀਤਾ ਉਦਘਾਟਨ
ਰੂਪਨਗਰ, 6 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਸਾਂਭ ਸੰਭਾਲ ਲਈ ਉਪਰਾਲੇ ਨਿਰੰਤਰ ਜਾਰੀ ਹਨ ਤਾਂ ਜੋ ਬੱਚੇ ਦੇ ਪਾਲਣ ਪੋਸ਼ਣ ਅਤੇ ਉਨ੍ਹਾਂ ਦੇ ਵਾਧੇ ਤੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 140 ਵਿਖੇ ਬੱਚਿਆਂ ਦੀ ਸਾਂਭ ਸੰਭਾਲ ਲਈ ਬਣਾਏ ਗਏ ਕਰੈਚ ਸੈਂਟਰ ਦਾ ਉਦਘਾਟਨ ਕਰਨ ਸਮੇਂ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡਿਪਟੀ ਕਮਿਸ਼ਨਰ, ਕੋਰਟ ਕੰਪਲੈਕਸ ਕੰਮ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਜਾਂ ਆਮ ਵਰਕਿੰਗ ਮਾਤਾ ਪਿਤਾ ਜਿਨ੍ਹਾਂ ਦੇ ਬੱਚੇ ਛੋਟੇ ਹਨ ਅਤੇ ਬੱਚੇ ਦੇ ਸਾਂਭ ਸੰਭਾਲ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਕਈ ਬੱਚੇ ਮਾਵਾਂ ਦਾ ਦੁੱਧ ਵੀ ਲੈਂਦੇ ਹਨ ਜਾਂ ਕਈ ਬੱਚੇ ਸਕੂਲ ਜਾਂ ਪਲੇਅ ਵੇਅ ਲੱਗਣ ਤੋਂ ਪਹਿਲਾਂ ਮਾਂ ਬਾਪ ਤੋਂ ਬਿਨਾਂ ਦਿਲ ਨਹੀਂ ਲਗਾ ਪਾਉਂਦੇ, ਉਨ੍ਹਾਂ ਬੱਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਇਸ ਕਰੈਚ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।
ਉਨ੍ਹਾਂ ਦੱਸਿਆ ਕਿ ਇਸ ਕਰੈਚ ਸੈਂਟਰ ਵਿੱਚ ਬੱਚਿਆਂ ਦੀ ਸਾਂਭ ਸੰਭਾਲ ਲਈ ਸਪੈਸ਼ਲ ਟ੍ਰੇਨਰ ਵੀ ਰੱਖੇ ਗਏ ਹਨ, ਇਸ ਤੋਂ ਇਲਾਵਾ ਬੱਚਿਆਂ ਲਈ ਵੰਨ ਸੁਵੰਨੇ ਖਿਡੌਣੇ ਅਤੇ ਆਰਾਮ ਕਰਨ ਲਈ ਮੈਟ ਵਗੈਰਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹੋਰ ਵਧਾਇਆ ਜਾਵੇਗਾ।
ਉਨ੍ਹਾਂ ਕੰਮ ਕਰਨ ਵਾਲੇ ਕਰਮਚਾਰੀਆਂ ਜਾਂ ਅਧਿਕਾਰੀਆ ਤੇ ਕਿਸੇ ਵੀ ਤਰ੍ਹਾਂ ਦੇ ਸਟਾਫ ਮੈਂਬਰਾਂ ਨੂੰ ਇਸ ਕਰੈਚ ਸੈਂਟਰ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਸਮੂਹ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਰਜਿਸਟਰੇਸ਼ਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 153 ਏ ਵਿੱਚ ਜਲਦ ਤੋਂ ਜਲਦ ਦੇਣ।
ਇਸ ਖਾਸ ਮੌਕੇ ਤੇ ਕਰੋਨਾ ਕਾਲ ਦੌਰਾਨ ਆਪਣੇ ਦੋਵੇਂ ਮਾਤਾ ਪਿਤਾ ਗਵਾ ਚੁੱਕੇ ਬੱਚੇ ਨਵਤੇਜ ਸਿੰਘ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ ਅਤੇ ਬੱਚੇ ਨਵਤੇਜ ਸਿੰਘ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
ਇਸ ਕਰੈਚ ਸੈਂਟਰ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਫ਼ੀਲਡ ਅਫਸਰ ਦੀਪਾਂਕਰ ਗਰਗ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ, ਸੀ.ਡੀ.ਪੀ.ਓ ਰੂਪਨਗਰ ਸ਼ਰੂਤੀ ਸ਼ਰਮਾ, ਰੈੱਡ ਕਰਾਸ ਤੋਂ ਸਕੱਤਰ ਗੁਰਸੋਹਣ ਸਿੰਘ ਤੋਂ ਇਲਾਵਾ ਹੋਰ ਅਧਿਕਾਰੀਆਂ ਅਤੇ ਕਰਮਚਾਰੀ ਨੇ ਵੀ ਸ਼ਿਰਕਤ ਕੀਤੀ।