— ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 6 ਸਤੰਬਰ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦਰ ਕੇਜਰੀਵਾਲ 17 ਦਸਬੰਰ ਨੂੰ ਫਿਰੋਜ਼ਪੁਰ ਵਿਖੇ ਹੋ ਰਹੇ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦਰ ਕੇਜਰੀਵਾਲ 17 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਸਟੈਟ ਯੂਨੀਵਰਸਿਟੀ ਵਿਖੇ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਨਾਲ ਸਬੰਧਿਤ ਕੰਮਾਂ ਨੂੰ ਕਰਨ ਬਾਰੇ ਆਦੇਸ਼ ਜਾਰੀ ਕੀਤੇ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਿਤ ਕੰਮਾਂ ਜਿਵੇਂ ਕਿ ਸਾਫ-ਸਫਾਈ, ਪਾਰਕਿੰਗ, ਬੈਰੀਗੇਟਿੰਗ, ਪੀਣ ਵਾਲਾ ਪਾਣੀ, ਅਸਥਾਈ ਪਖਾਨਿਆਂ, ਮੈਡੀਕਲ ਸਹੂਲਤਾਂ, ਰਿਫਰੈਸ਼ਮੈਂਟ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਕੋਈ ਦਿੱਕਤ ਨਾ ਆਵੇ। ਇਸ ਮੌਕੇ ਐਸ.ਐਸ.ਪੀ ਸ੍ਰੀ ਦੀਪਕ ਹਿਲੌਰੀ ਵੱਲੋਂ ਵੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿਧੀ ਕੁਮਦ ਬਾਮਬਾ, ਸਹਾਇਕ ਕਮਿਸ਼ਨਰ ਸੂਰਜ, ਐਸਡੀਐਮ ਫਿਰੋਜ਼ਪੁਰ ਸੁਖਮੰਦਰ ਸਿੰਘ, ਐਸਡੀਐਮ ਗੁਰੂਹਰਸਹਾਏ ਗਗਨਦੀਪ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

हिंदी






