ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

Sorry, this news is not available in your requested language. Please see here.

ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਬਰਨਾਲਾ, 5 ਜਨਵਰੀ 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਾਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਵੀ ਇਹ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉੱਤੇ  ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।