ਵੱਖ-ਵੱਖ ਖੇਤਰਾਂ ’ਚ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਬੇਟੀਆਂ ਦਾ ਹੋਇਆ ਸਨਮਾਨ

Sorry, this news is not available in your requested language. Please see here.

*ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਨੀਮੀਆ ਮੁਕਤ ਅਭਿਆਨ ਤਹਿਤ ਜ਼ਿਲਾ ਪੱਧਰੀ ਵਰਚੁਅਲ ਸਮਾਗਮ 
ਨਵਾਂਸ਼ਹਿਰ, 21 ਅਪ੍ਰੈਲ :
ਅਨੀਮੀਆ ਮੁਕਤ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਜ਼ਿਲਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਵਰਚੁਅਲ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਲੇ ਦੀਆਂ 250 ਦੇ ਕਰੀਬ ਬੇਟੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨਾਂ ਵਿਚ ਵੱਖ-ਵੱਖ ਵਿਭਾਗਾਂ, ਜਿਵੇਂ ਪੁਲਿਸ, ਸਿਹਤ, ਸਿੱਖਿਆ ਆਦਿ ਵਿਚ ਕੰਮ ਕਰ ਰਹੀਆਂ ਮਹਿਲਾ ਕਰਮੀਆਂ ਤੋਂ ਇਲਾਵਾ ਪੜਾਈ, ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣ ਵੀ ਸ਼ਾਮਲ ਸਨ, ਜਿਨਾਂ ਨੂੰ ਬੈਗਪੈਕਸ, ਟਰੈਕ ਸੂਟਾਂ ਅਤੇ ਵਾਟਰ ਬੋਤਲਾਂ ਆਦਿ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ‘ਅਨੀਮੀਆ ਮੁਕਤ ਮੁਹਿੰਮ’ ਸਫ਼ਲਤਾ ਪੂਰਵਕ ਚਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੱਚੀਆਂ ਵਿਚ ਖ਼ੂਨ ਦੀ ਕਮੀ ਦੀ ਜਾਂਚ ਲਈ ਸਿਹਤ ਕੇਂਦਰਾਂ ਵਿਚ ਹੋਮਿਓਗਲੋਬਿਨ ਮੀਟਰ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਕਿਸ਼ੋਰੀਆਂ ਵਿਚ ਖ਼ੂਨ ਦੀ ਕਮੀ ਦੂਰ ਕਰਕੇ ਉਨਾਂ ਨੂੰ ਤੰਦਰੁਸਤ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਬੱਚੀਆਂ ਵਿਚ ਖ਼ੂਨ ਦੀ ਕਮੀ ਦੀ ਜਾਂਚ ਕੀਤੀ ਜਾ ਰਹੀ ਹੈ।
  ਉਨਾਂ ਦੱਸਿਆ ਕਿ ਜ਼ਿਲੇ ਵਿਚ ਬੱਚੀਆਂ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲੇ ਦੀਆਂ ਹੋਣਹਾਰ ਬੱਚੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਦਿਵਾਈ ਜਾ ਰਹੀ ਹੈ। ਇਸੇ ਤਰਾਂ ਮੈਡੀਕਲ ਸਟਰੀਮ ਦੀਆਂ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ‘ਨੀਟ’ ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ ਬੱਚੀਆਂ ਨੂੰ ਸਵੈ-ਰੱਖਿਆ ਲਈ ਮਾਰਸ਼ਲ ਆਰਟ ਦੀ ਟ੍ਰੇਨਿੰਗ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਲੜਕੀਆਂ ਦੇ ਖੇਡ ਅਤੇ ਪ੍ਰਤਿਭਾ ਮੁਕਾਬਲੇ ਵੀ ਕਰਵਾਏ ਜਾਣ ਦੀ ਤਜਵੀਜ਼ ਹੈ, ਤਾਂ ਜੋ ਉਹ ਹਰੇਕ ਖੇਤਰ ਵਿਚ ਮੱਲਾਂ ਮਾਰ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।