ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਫ਼ਸਰ ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਡਾ. ਦੁੱਗਲ

Sorry, this news is not available in your requested language. Please see here.

ਫਾਜਿ਼ਲਕਾ 22 ਜਨਵਰੀ 2024….

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਹਿਲਾ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰ ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ 29 ਫਰਵਰੀ 2024 ਤੱਕ ਦਾ ਵਾਧਾ ਕੀਤਾ ਗਿਆ ਹੈ।  ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ।

ਉਨ੍ਹਾਂ ਵੱਲੋਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 21 ਮਾਰਚ 2024 ਨੂੰ ਕੀਤੀ ਜਾਵੇਗੀ। ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 11 ਅਪ੍ਰੈਲ 2024 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 03 ਮਈ 2024 ਨੂੰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਫਾਰਮ ਨੰ. 1 ਪ੍ਰਾਪਤ ਕਰਦੇ ਸਮੇਂ ਇਸ ਗੱਲ ਵੱਲ ਖਾਸ ਧਿਆਨ ਦਿੱਤਾ ਜਾਵੇ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ ਅਤੇ ਉਹ ਕੇਸਾਧਾਰੀ ਸਿੱਖ ਹੋਵੇ।  ਉਨ੍ਹਾਂ ਕਿਹਾ ਕਿ ਫਾਰਮ ਨੰ. 1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ fazilka.nic.in ਤੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ।