ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦੇ ਹਰੇਕ ਮੈਂਬਰ ਦਾ ਵੱਖਰਾ ਕਾਰਡ ਬਣਵਾਉਣਾ ਜ਼ਰੂਰੀ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਸਮੂਹ ਮਾਰਕੀਟ ਕਮੇਟੀਆਂ, ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾਏ ਜਾ ਸਕਦੇ ਹਨ ਕਾਰਡ
ਯੋਜਨਾ ਤਹਿਤ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਤਰਨ ਤਾਰਨ, 19 ਫਰਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਬੰਧਿਤ ਅਧਿਕਾਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਦੀ ਪ੍ਰਕਿਰਿਆ ਨੂੰ 28 ਫਰਵਰੀ, 2021 ਤੱਕ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਉਨਾਂ ਸਾਰੇ ਯੋਗ ਲਾਭਤਾਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾਵੇ, ਜਿਨਾਂ ਹਾਲੇ ਤੱਕ ਇਸ ਸਕੀਮ ਦੇ ਲਾਭ ਹਿੱਤ ਕਾਰਡ ਨਹੀਂ ਬਣਵਾਏ।
ਉਨਾਂ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਅਤੇ ਆਪਣੇ ਪਰਿਵਾਰ ਦੇ ਹਰੇਕ ਮੈਂਬਰ ਦਾ ਵੱਖਰਾ ਕਾਰਡ ਬਣਵਾਉਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ‘ਜੇ’ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ ਵੈਨ ਵੀ ਚਲਾਈ ਜਾ ਰਹੀ ਹੈ। ਇਸੇ ਤਰਾਂ ਜ਼ਿਲ੍ਹੇ ਦੀਆਂ 8 ਮਾਰਕੀਟ ਕਮੇਟੀਆਂ ਵਿਚ ਵੀ ‘ਜੇ’ ਫਾਰਮ ਵਾਲੇ ਕਿਸਾਨਾਂ ਦੇ ਕਾਰਡ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲੇ ਦੇ 200 ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।
  ਉਹਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਹੁਣ ਇਹ ਸੇਵਾ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਥੋਂ ਇਸ ਯੋਜਨਾ ਦੇ ਲਾਭਪਾਤਰੀ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਟਾਇਪ-1 ਸੇਵਾ ਕੇਂਦਰਾਂ ਤੋਂ ਇਹ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਟਾਈ-2 ਸੇਵਾ ਕੇਂਦਰਾਂ ਤੋਂ 22 ਫਰਵਰੀ ਅਤੇ ਟਾਈਪ-3 ਸੇਵਾ ਕੇਂਦਰਾਂ ਤੋਂ ਇਹ ਸੇਵਾ 26 ਫਰਵਰੀ ਤੋਂ ਉਪਲਬੱਧ ਹੋਵੇਗੀ। ਉਨਾਂ ਸਾਰੇ ਅਜਿਹੇ ਲਾਭਤਾਰੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਅਜੇ ਕਾਰਡ ਨਹੀਂ ਬਣਵਾਏ, ਉਹ ਬਿਨਾਂ ਦੇਰੀ ਤੋਂ ਇਹ ਕਾਰਡ ਬਣਵਾ ਲੈਣ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ।
ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਜਲਦ ਤੋਂ ਜਲਦ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਰੋਜ਼ਾਨਾ ਆਧਾਰ ’ਤੇ ਸਮੀਖਿਆ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ੈਫ਼ਾਲੀ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।