ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਪੀ.ਜੀ.ਆਰ.ਐਸ. ਵੈਬ ਪੋਰਟਲ ਦੀ ਸ਼ੁਰੂਆਤ

Sorry, this news is not available in your requested language. Please see here.

-ਪੀ.ਜੀ.ਆਰ.ਐਸ. ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਡਿਜੀਟਲੀ ਕਰਵਾ ਸਕਦੇ ਰਜਿਸਟਰ
-ਪੋਰਟਲ ‘ਤੇ ਆਈ ਸ਼ਿਕਾਇਤ ਦਾ ਸਮਾਂਬੱਧ ਤਰੀਕੇ ਨਾਲ ਹੋਵੇਗਾ ਨਿਪਟਾਰਾ : ਡਿਪਟੀ ਕਮਿਸ਼ਨਰ
-ਹੁਣ ਸ਼ਿਕਾਇਤ ਦੇ ਹਰ ਪੜਾਅ ਦੀ ਸੂਚਨਾ ਐਸ.ਐਮ.ਐਸ ਰਾਹੀ ਤੇ ਹੱਲ ਦੀ ਸੂਚਨਾ ਫ਼ੋਨ ਕਾਲ ਰਾਹੀ ਹੋਵੇਗੀ ਪ੍ਰਾਪਤ
ਪਟਿਆਲਾ, 2 ਨਵੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ।
ਪੀ.ਜੀ.ਆਰ.ਐਸ. ਵੈਬ ਪੋਰਟਲ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਕੀਤੇ ਗਏ ਇਸ ਪੋਰਟਲ ਰਾਹੀਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਕੇ ਹੁਣ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in ‘ਤੇ ਜਮਾਂ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗਾਂ ਨੂੰ ਇਸ ਪੋਰਟਲ ਨਾਲ ਜੋੜ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਚੰਡੀਗੜ੍ਹ ਅਤੇ ਜ਼ਿਲ੍ਹਾ ਪੱਧਰ ਦੇ ਮੁੱਖ ਦਫ਼ਤਰਾਂ ਵਿਖੇ ਸਿਖਲਾਈ ਦਿੱਤੀ ਗਈ ਹੈ। ਉਹ ਨਾਗਰਿਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਅਤੇ ਜਲਦੀ ਹੱਲ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ ਕੇਂਦਰੀ ਪੋਰਟਲ ਵਜੋਂ ਕੰਮ ਕਰੇਗੀ ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ‘ਤੇ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ ‘ਤੇ ਵਿਅਕਤੀਗਤ ਤੌਰ ‘ਤੇ ਦਰਜ ਕਰਕੇ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਐਸ.ਐਮ.ਐਸ. ਦੁਆਰਾ ਸੂਚਿਤ ਕੀਤਾ ਜਾਵੇਗਾ। ਸ਼ਿਕਾਇਤ ਦਾ ਹੱਲ ਹੋਣ ‘ਤੇ ਉਨਾਂ ਨੂੰ ਫੋਨ ਕਾਲ ਆਵੇਗੀ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ। ਨਾਗਰਿਕ ਆਪਣੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ, ਡੀ.ਸੀ. ਦਫਤਰਾਂ ਵਿਖੇ ਦੇ ਸਕਣਗੇ ਅਤੇ ਸ਼ਿਕਾਇਤਾਂ ਦਾ ਨਿਪਟਾਰਾਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇਗਾ।