ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਵੈਬੀਨਾਰ ਦਾ ਆਯੋਜਨ

Sorry, this news is not available in your requested language. Please see here.

ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਵਾਉਣ ਲਈ ਸਿੱਖ ਇਤਿਹਾਸ ਦੇ ਸਰੋਤਾਂ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ : ਡਾ. ਅਰਵਿੰਦ
ਪਟਿਆਲਾ- 15 ਜੂਨ 2021
ਸ੍ਰੀ ਗੁਰੂ ਤੇਗ਼ ਬਹਾਦਰ ਰਾਸ਼ਟਰੀ ਕੌਮੀ ਏਕਤਾ ਚੇਅਰ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਉਪ ਕੁਲਪਤੀ ਡਾ. ਅਰਵਿੰਦ ਦੀ ਸਰਪ੍ਰਸਤੀ ਹੇਠ ਹੋਏ ਇਸ ਵੈਬੀਨਾਰ ‘ਚ ਵਿਦਵਾਨਾਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਪਰਚੇ ਪੜੇ ਗਏ।
ਵੈਬੀਨਾਰ ਦੌਰਾਨ ਸਾਬਕਾ ਐਸੋਸੀਏਟ ਪ੍ਰੋਫੈਸਰ ਤੇ ਮੁਖੀ ਪੰਜਾਬ ਇਤਿਹਾਸ ਅਧਿਐਨ ਵਿਭਾਗ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਆਪਣਾ ਕੁੰਜੀਵਤ ਭਾਸ਼ਣ ਸ੍ਰੀ ਗੁਰੂ ਤੇਗ਼ ਬਹਾਦਰ ਅਤੇ ਗੁਰਮੁਖੀ ਸਰੋਤ ਵਿਸ਼ੇ ਉੱਪਰ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਡਾ. ਦਲਜੀਤ ਸਿੰਘ ਮੁਖੀ, ਸ੍ਰੀ ਗੁਰੂ ਤੇਗ਼ ਬਹਾਦਰ ਰਾਸ਼ਟਰੀ ਕੌਮੀ ਏਕਤਾ ਚੇਅਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਵੈਬੀਨਾਰ ਦੇ ਮੁੱਖ ਵਕਤਾ ਅਤੇ ਸ਼ਿਰਕਤ ਕਰ ਰਹੇ ਅਧਿਆਪਕ ਸਾਹਿਬਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਡਾ. ਦਲਜੀਤ ਸਿੰਘ ਨੇ ਚੇਅਰ ਦੀਆਂ ਉਪਲਬਧੀਆਂ ਅਤੇ ਕਾਰਜਾਂ ਬਾਰੇ ਜਾਣੂੰ ਕਰਵਾਉਂਦਿਆਂ ਵੈਬੀਨਾਰ ਵਿੱਚ ਸ਼ਿਰਕਤ ਕਰ ਰਹੇ ਸਰੋਤਿਆਂ ਨੂੰ ਮੁੱਖ ਵਕਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰਮੁਖੀ ਸਰੋਤਾਂ ਦੇ ਨਾਲ-ਨਾਲ ਫਾਰਸੀ ਅਤੇ ਅਸਾਮੀ ਸਰੋਤਾਂ ਦੇ ਅਧਿਐਨ ਕਰਨ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਸਹੀ ਜਾਣਕਾਰੀ ਪ੍ਰਾਪਤ ਹੋ ਸਕੇ। ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਬੜੇ ਹੀ ਸੁਚੱਜੇ ਢੰਗ ਨਾਲ ਲੈਕਚਰ ਦਿੰਦਿਆਂ ਸਿੱਖ ਇਤਿਹਾਸ ਨਾਲ ਸਬੰਧਤ ਸਰੋਤਾਂ ਦੀ ਜਾਣਕਾਰੀ ਦਿੱਤੀ ਅਤੇ ਇਤਿਹਾਸਕਾਰਾਂ ਨੂੰ ਇਨ੍ਹਾਂ ਸਰੋਤਾਂ ‘ਤੇ ਖੋਜ ਕਰਦਿਆਂ ਵਿਰੋਧੀ ਵਿਚਾਰਧਾਰਾਵਾਂ ਦਾ ਅਧਿਐਨ ਕਰਦੇ ਸਮੇਂ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਸਬੰਧੀ ਗੁਰਮੁਖੀ ਸਰੋਤਾਂ ਨੂੰ ਇਤਿਹਾਸਕ ਦ੍ਰਿਸ਼ਟੀ ਨਾਲ ਅਧਿਐਨ ਕਰਨ ਦੀ ਜ਼ਰੂਰਤ ਹੈ। ਡਾ. ਬਾਜਵਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਆਪਣੇ ਵੱਲੋਂ ਅਪਣਾਏ ਗਏ ਸ਼ਹਾਦਤ ਦੇ ਮਾਰਗ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਸਨ। ਉਨ੍ਹਾਂ ਨੇ ਖੋਜਾਰਥੀਆਂ ਨੂੰ ਇਨ੍ਹਾਂ ਸਰੋਤਾਂ ਨੂੰ ਵਰਤਦੇ ਸਮੇਂ ਚੇਤੰਨ ਰਹਿਣ ਦੀ ਅਪੀਲ ਕੀਤੀ ਤਾਂ ਜੋ ਭਰੋਸੇਯੋਗ ਤੱਥ ਅੱਗੇ ਆ ਸਕਣ। ਉਨ੍ਹਾਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਹੋਰਨਾਂ ਭਾਸ਼ਾਵਾਂ ਵਿੱਚ ਪ੍ਰਾਪਤ ਹੋਣ ਵਾਲੇ ਸਰੋਤਾਂ ਦਾ ਅਧਿਐਨ ਕਰਨ ਉੱਪਰ ਵੀ ਜ਼ੋਰ ਦਿੱਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਰਵਿੰਦ ਨੇ ਆਪਣਾ ਪ੍ਰਧਾਨਗੀ ਭਾਸ਼ਣ ਦਿੰਦਿਆਂ ਸਿੱਖ ਇਤਿਹਾਸ ਦੇ ਸਰੋਤਾਂ ਦਾ ਡੂੰਘਾਈ ਨਾਲ ਅਧਿਐਨ ਕਰਨ ਦੀ ਸਲਾਹ ਦਿੱਤੀ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਗੁਰੂ ਸਾਹਿਬ ਦੇ ਜੀਵਨ ਅਤੇ ਤਿਆਗ ਤੋਂ ਵਡਮੁੱਲੀ ਜਾਣਕਾਰੀ ਹਾਸਲ ਕਰ ਸਕਣ।
ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਡਾ. ਪਰਮਵੀਰ ਸਿੰਘ ਨੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਦੇ ਅਲੱਗ-ਅਲੱਗ ਪਹਿਲੂਆਂ ਬਾਰੇ ਚਰਚਾ ਕੀਤੀ ਅਤੇ ਵੈਬੀਨਾਰ ਵਿੱਚ ਸ਼ਿਰਕਤ ਕਰ ਰਹੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ।