* 17 ਕਰੋੜ ਦੀ ਲਾਗਤ ਨਾਲ ਜ਼ਿਲੇ ਦੇ ਸ਼ਹਿਰੀ ਖੇਤਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ
ਨਵਾਂਸ਼ਹਿਰ, 24 ਅਕਤੂਬਰ :
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਉਪਰਾਲਿਆਂ ਤਹਿਤ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ।
ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਵਿਚ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਸੂਬੇ ਵਿਚ 11 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਤਹਿਤ ਸ਼ਹਿਰਾਂ ਵਿਚ ਸੀਵਰੇਜ ਟ੍ਰੀਟਮੈਂਟ ਪਲਾਂਟ, 24 ਘੰਟੇ ਪਾਣੀ ਦੀ ਸਪਲਾਈ, ਐਲ. ਈ. ਡੀ. ਲਾਈਟਾਂ, ਸਾਲਿਡ ਵੇਸਟ ਮੈਨੇਜਮੈਂਟ ਅਤੇ ਹੋਰ ਵੀ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਨਵਾਂਸ਼ਹਿਰ ਨਗਰ ਕੌਂਸਲ ਵਿਚ 53 ਵਿਕਾਸ ਕਾਰਜ ਕਰਵਾਏ ਜਾਣਗੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਵਿਕਾਸ ਕਾਰਜਾਂ ’ਤੇ 17 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ, ਜਿਨਾਂ ਵਿਚ ਨਗਰ ਕੌਂਸਲ ਨਵਾਂਸ਼ਹਿਰ ਵਿਚ 7.15 ਕਰੋੜ, ਰਾਹੋਂ ਵਿਚ 2.85 ਕਰੋੜ, ਬੰਗਾ ਵਿਚ 5 ਕਰੋੜ ਅਤੇ ਬਲਾਚੌਰ ਵਿਚ 2 ਕਰੋੜ ਰੁਪਏ ਖ਼ਰਚੇ ਜਾਣਗੇ। ਉਨਾਂ ਦੱਸਿਆ ਕਿ ਇਸ ਤਹਿਤ ਪ੍ਰੋਗਰਾਮ ਤਹਿਤ ਅੱਜ ਸਮੂਹ ਨਗਰ ਕੌਂਸਲਾਂ ਵਿਚ 14 ਥਾਵਾਂ ’ਤੇ ਪ੍ਰੋਗਰਾਮ ਕਰਵਾ ਕੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਨਾਂ ਵਿਚ ਨਵਾਂਸ਼ਹਿਰ ਵਿਚ 6, ਰਾਹੋਂ ਵਿਚ 2, ਬੰਗਾ ਵਿਚ 4 ਅਤੇ ਬਲਾਚੌਰ ਵਿਚ 2 ਥਾਵਾਂ ’ਤੇ ਪ੍ਰੋਗਰਾਮ ਕਰਵਾਏ ਗਏ ਹਨ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਨੇਪਰੇ ਚਾੜਨਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਐਸ. ਪੀ (ਹੈੱਡਕੁਆਰਟਰ) ਮਨਵਿੰਦਰ ਬੀਰ ਸਿੰਘ, ਈ. ਓ ਨਗਰ ਕੌਂਸਲ ਰਾਜੀਵ ਸਰੀਨ, ਸਾਬਕਾ ਕੌਂਸਲਰ ਡਾ. ਕਮਲਜੀਤ ਲਾਲ ਤੇ ਚੇਤ ਰਾਮ ਰਤਨ, ਬਲਾਕ ਪ੍ਰਧਾਨ ਜੈਦੀਪ ਜਾਂਗਰਾ, ਪਿ੍ਰਥਵੀ ਚੰਦ, ਵਿਸ਼ਾਲ ਸਰੀਨ, ਰਾਕੇਸ਼ ਕੁਮਾਰ ਹੈਪੀ ਤੇ ਹੋਰ ਹਾਜ਼ਰ ਸਨ।

हिंदी






