ਡਿਪਟੀ ਕਮਿਸ਼ਨਰ ਵਲੋਂ ਲੋੜਵੰਦ ਲੜਕੀਆਂ ਨੂੰ ਸੈਨੇਟਰੀ ਪੈਡਾਂ ਦੀ ਵੰਡ
ਹਰੇਕ ਆਂਗਣਵਾੜੀ ਸੈਂਟਰ ‘ਤੇ 50 ਮਹਿਲਾਵਾਂ ਤੇ ਲੜਕੀਆਂ ਨੂੰ ਹਰ ਮਹੀਨੇ ਮਿਲਣਗੇ 9-9 ਸੈਨੇਟਰੀ ਪੈਡ
ਔਰਤ ਹੋਣਾ ਮਾਣ ਦੀ ਗੱਲ ,ਮਾਸਿਕ ਧਰਮ ਕੁਦਰਤੀ ਨਿਯਮ, ਬੱਚੀਆਂ ਇਸ ਬਾਰੇ ਖੁੱਲ੍ਹ ਕੇ ਗੱਲ ਕਰਨ : ਡਿਪਟੀ ਕਮਿਸ਼ਨਰ
ਰੂਪਨਗਰ 28 ਮਈ 2021
ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ‘ਉਡਾਣ’ ਪ੍ਰਾਜੈਕਟ ਦੀ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਵਲੋ ਸ਼ੁਰੂਆਤ ਕੀਤੀ ਗਈ। ਇਸ ਪ੍ਰਾਜੈਕਟ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫਤ ਸੈਨੇਟਰੀ ਨੈਪਕਿਨ ਵੰਡੇ ਜਾਣੇ ਹਨ। ਪੰਜਾਬ ਸਰਕਾਰ ਵੱਲੋਂ ਵਰਚੂਅਲ ਮਾਧਿਅਮ ਰਾਹੀਂ ਕੀਤੇ ਗਏ ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਤੋਂ ਸ਼ਿਰਕਤ ਕਰਨ ਤੋਂ ਫੌਰੀ ਮਗਰੋਂ ਸ੍ਰੀਮਤੀ ਸੋਨਾਲੀ ਗਿਰੀ ਨੇ ਗ਼ਰੀਬ ਪਰਿਵਾਰਾਂ ਦੀਆਂ ਬੱਚੀਆਂ ਨੂੰ ਸੈਨੇਟਰੀ ਨੈਪਕਿਨ ਵੰਡੇ l
ਇਸ ਮੌਕੇ ਬੱਚੀਆਂ ਅਤੇ ਔਰਤਾਂ ਨੂੰ ਆਪਣੇ ਵਿਸ਼ੇਸ਼ ਸੰਬੋਧਨ ਵਿਚ ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਔਰਤ ਹੋਣਾ ਮਾਣ ਦੀ ਗੱਲ ਹੈ l ਕੁਦਰਤ ਨੇ ਔਰਤ ਨੂੰ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਹੈ l ਉਨ੍ਹਾਂ ਕਿਹਾ ਕਿ ਮਾਸਿਕ ਧਰਮ ਇਕ ਕੁਦਰਤੀ ਨਿਯਮ ਹੈ l ਕੁੜੀਆਂ ਨੂੰ ਇਸ ਤੋਂ ਸ਼ਰਮਾਉਣਾ ਨਹੀਂ ਚਾਹੀਦਾ ਸਗੋਂ ਖੁੱਲ੍ਹ ਕੇ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ l ਉਨ੍ਹਾਂ ਕਿਹਾ ਕੀ ਸਾਡੇ ਸਮਾਜਿਕ ਵਰਤਾਰੇ ਅਤੇ ਸਿੱਖਿਆ ਦੀ ਕਮੀ ਕਾਰਨ ਬੱਚੀਆਂ ਅਤੇ ਔਰਤਾਂ ਮਾਸਿਕ ਧਰਮ ਸਬੰਧੀ ਖੁੱਲ੍ਹ ਕੇ ਗੱਲ ਨਹੀਂ ਕਰਦੀਆਂ ਸਗੋਂ ਉਨ੍ਹਾਂ ਨੂੰ ਮਾਸਿਕ ਧਰਮ ਵਾਲਾ ਸਮਾਂ ਗੁਮਨਾਮੀ ਵਿੱਚ ਜਿਊਣਾ ਪੈਂਦਾ ਹੈ l ਉਨ੍ਹਾਂ ਕਿਹਾ ਕਿ ਔਰਤ ਨੂੰ ਆਪਣੇ ਔਰਤ ਹੋਣ ਤੇ ਮਾਣ ਹੋਣਾ ਚਾਹੀਦਾ ਹੈ l
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਔਰਤਾਂ ਦੇ ਸ਼ਸ਼ਕਤੀਕਰਨ ਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਇੱਜ਼ਤ ਅਤੇ ਮਾਣ ਨਾਲ ਜਿਊਣ ਦੇ ਕਾਬਲ ਬਣਾਉਣ ਲਈ ਸਰਕਾਰ ਵੱਲੋਂ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਆਂਗਣਵਾੜੀ ਸੈਂਟਰ ਵਿਖੇ 50 ਮਹਿਲਾਵਾਂ ਤੇ ਲੜਕੀਆਂ ਨੂੰ ਪ੍ਰਤੀ ਮਹੀਨਾ 9-9 ਸੈਨੇਟਰੀ ਨੈਪਕਿਨ ਵੰਡੇ ਜਾਣੇ ਹਨ।
ਉਨਾਂ ਦੱਸਿਆ ਕਿ ਜਿਲ੍ਹੇ ਅੰਦਰ ਸਮਾਜਿਕ ਸੁਰੱਖਿਆ ਤੇ ਇਸਤਰੀ ਭਲਾਈ ਵਿਭਾਗ ਰਾਹੀਂ ਨਿਰਦੇਸ਼ ਦਿੱਤੇ ਗਏ ਹਨ ਕਿ ਹਰੇਕ ਲੋੜਵੰਦ ਨੂੰ ਸੈਨੇਟਰੀ ਪੈਡ ਦਿੱਤੇ ਜਾਣੇ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥਣਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਲਈ ਸਿੱਖਿਆ ਵਿਭਾਗ ਨਾਲ ਤਾਲਮੇਲ ਵੀ ਸਥਾਪਿਤ ਕਰਨ ਲਈ ਕਿਹਾ ਗਿਆ ਹੈ।
ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਸੁਮਨਦੀਪ ਕੌਰ ਨੇ ਦੱਸਿਆ ਕਿ ਜਿਲ੍ਹਾ ਰੂਪਨਗਰ ਦੀਆਂ 872 ਆਂਗਣਵਾੜੀ ਸੈਂਟਰਾਂ ਵਿਚ ਸੈਨੇਟਰੀ ਨੈਪਕਿਨ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

हिंदी






