ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲਗਵਾ ਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਕੀਤਾ ਪ੍ਰੇਰਿਤ

Sorry, this news is not available in your requested language. Please see here.

ਤਰਨਤਾਰਨ, 14 ਅਪ੍ਰੈਲ :
ਕੋਰੋਨਾ ਮਹਾਂਮਾਰੀ ਨੇ ਜਿੱਥੇ ਪਿਛਲੇ ਵਰ੍ਹੇ ਤੋਂ ਹੀ ਕੁੱਲ ਦੁਨੀਆਂ ਨੂੰ ਆਪਣੀ ਘਾਤਕ ਲਪੇਟ ਵਿੱਚ ਲਿਆ ਹੋਇਆ ਹੈ, ਉੱਥੇ ਜੇਕਰ ਸਿੱਖਿਆ ਤੰਤਰ ਦੀ ਗੱਲ ਕਰੀਏ ਤਾਂ ਇਸ ਭਿਆਨਕ ਵਾਇਰਸ ਦੇ ਮੁੜ ਵੱਧਦੇ ਪ੍ਰਭਾਵ ਕਾਰਨ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿਹਤ ਦਾ ਖਿਆਲ ਰੱਖਦਿਆਂ ਵਿਦਿਆਰਥੀਆਂ ਲਈ 30 ਅਪ੍ਰੈਲ ਤੱਕ ਸਕੂਲ ਨਾ ਆਉਣ ਦਾ ਫੈਸਲਾ ਕੀਤਾ ਗਿਆ ਹੈ।
ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਵੈਕਸੀਨੇਸ਼ਨ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਇਸ ਘਾਤਕ ਵਾਇਰਸ ਦੇ ਪ੍ਰਭਾਵ ਨੂੰ ਛੇਤੀ ਤੋਂ ਛੇਤੀ ਨਿਯੰਤਰਨ ਹੇਠ ਲਿਆਂਦਾ ਜਾ ਸਕੇ। ਇਸੇ ਹੀ ਸੰਦਰਭ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਸ਼੍ਰੀ ਸੁਸ਼ੀਲ ਕੁਮਾਰ ਤੁਲੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਸ਼੍ਰੀ ਪਰਮਜੀਤ ਸਿੰਘ ਵੱਲੋਂ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਗਈ।
ਡੋਜ਼ ਲਗਵਾਉਣ ਉਪਰੰਤ ਉਹਨਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਵੈਕਸੀਨ ਲਗਵਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੇਫ਼ ਹੈ ਅਤੇ ਬਿਲਕੁਲ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਦੱਸਿਆ ਕਿ ਸਾਨੂੰ ਫਜੂਲ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵੱਲੋਂ ਦੱਸੇ ਉਮਰ ਗੁੱਟ ਵਿੱਚ ਆਉਂਦੇ ਹਰ ਇੱਕ ਨੂੰ ਇਹ ਜ਼ਰੂਰ ਲਗਵਾਉਣਾ ਚਾਹੀਦਾ ਹੈ। ਉਹਨਾਂ ਨੇ ਇਸ ਵੈਕਸੀਨੇਸ਼ਨ ਲਈ ਸਿੱਖਿਆ ਵਿਭਾਗ ਦੇ ਕਰਮਚਾਰੀਆਂ/ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਟੀਕਾਕਰਨ ਮੁਹਿੰਮ ਦਾ ਹਿੱਸਾ ਬਣਨ ਅਤੇ ਟੀਕਾ ਲਗਵਾ ਕੇ ਇਸ ਨਾਮੁਰਾਦ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾਉਣ।