ਸੋਮਵਾਰ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੀ ਵੈਕਸੀਨ ਲਗਾਉਣ ਲਈ ਲਗਾਏ ਜਾਣਗੇ ਵਿਸ਼ੇਸ ਕੈਂਪ
ਤਰਨ ਤਾਰਨ, 15 ਅਪ੍ਰੈਲ :
ਸਿਹਤ ਵਿਭਾਗ ਤਰਨ ਤਾਰਨ ਵਲੋਂ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਤੇਜ਼ੀ ਨਾਲ ਕੋਵਿਡ-19 ਸਬੰਧੀ ਵੈਕਸੀਨ ਲਗਵਾਉਣ ਲਈ ਜ਼ਿਲ੍ਹੇ ਦੇ ਸੂਮਹ ਸਿਵਲ ਹਸਪਤਾਲਾਂ, ਮੁੱਢਲੇ ਸਿਹਤ ਕੇਂਦਰਾਂ ਅਤੇ ਹੈੱਲਥ ਵੈਲਨਸ ਸੈਂਟਰਾਂ ਵਿਖੇ ਵੈਕਸੀਨੇਸ਼ਨ ਮੁਹਿੰਮ ਜਾਰੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੀ ਵੈਕਸੀਨੇਸ਼ਨ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ, ਡੀ. ਐੱਮ. ਸੀ. ਡਾ. ਭਾਰਤੀ, ਡਾ. ਕੰਵਲਜੀਤ, ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਦੀ ਵੈਕਸੀਨੇਸ਼ਨ ਸਬੰਧੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ ਹੈ, ਜਿਸ ਤਹਿਤ ਰੋਜ਼ਾਨਾ ਵੈਕਸੀਨੇਸ਼ਨ ਲਗਵਾਉਣ ਵਾਲੇ ਵਿਅਕਤੀਆਂ ਦੀ ਗਿਣਤੀ 2500 ਤੋਂ 3000 ਦੇ ਕਰੀਬ ਪੁੱਜ ਗਈ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 70 ਤੋਂ 90 ਥਾਵਾਂ ‘ਤੇ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਤੱਕ ਕੁੱਲ 65555 ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਜਾ ਚੁੱਕੀ ਹੈ, ਜਿਸ ਵਿਚੋਂ ਲੱਗਭੱਗ 48000 ਸੀਨੀਅਰ ਸੀਟੀਜ਼ਨ ਹਨ।
ਉਨਾਂ ਦੱਸਿਆ ਕਿ ਦੂਰ ਦੁਰਾਡੇ ਦੇ ਖੇਤਰਾਂ ਵਿਚ ਰਹਿੰਦੇ ਲੋਕਾਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਉਨਾਂ ਦੇ ਨੇੜੇ ਦੇਣ ਲਈ “ਆਉਟ ਰੀਚ” ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਵੱਖ-ਵੱਖ ਪਿੰਡਾਂ, ਸ਼ਹਿਰਾਂ ਦੀਆਂ ਮਾਰਕੀਟਾਂ ਵਿੱਚ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਸੋਮਵਾਰ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੀ ਵੈਕਸੀਨ ਲਗਾਉਣ ਲਈ ਵਿਸ਼ੇਸ ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਵੈਕਸੀਨ ਲਗਵਾਉਣ ਵਾਲਿਆਂ ਵਿੱਚੋਂ ਕਿਸੇ ਵਿਅਕਤੀ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਉਨਾਂ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੋ ਲੋਕ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਲਈ ਜਲਦ ਤੋਂ ਜਲਦ ਵੈਕਸੀਨ ਲਗਵਾਉਣ।
————–

हिंदी






