Sorry, this news is not available in your requested language. Please see here.
ਐਸ.ਏ.ਐਸ ਨਗਰ 25 ਨਵੰਬਰ :- ਦੇਸ਼ ਵਿਚ ਸੰਵਿਧਾਨ ਲਾਗੂ ਹੋਣ ਉਪਰੰਤ ਹਰ ਸਾਲ 26 ਨਵੰਬਰ ਨੂੰ ਦੇਸ਼ ਭਰ ਵਿਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਭਾਰਤ ਸਰਕਾਰ ਵਲੋਂ 73ਵੇਂ ਸੰਵਿਧਾਨ ਦਿਵਸ ਨੂੰ ਮਨਾਉਣ ਲਈ ਮਿਤੀ 26.11.2022 ਤੋਂ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਦੁਆਰਾ ਦਿੱਤੇ ਗਏ ਮੁੱਢਲੇ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਹਫ਼ਤੇ ਦੀ ਜਾਗਰੂਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਹੋਈਆਂ ਹਦਾਇਤਾਂ ਦੀ ਰੌਸ਼ਨੀ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਸਾਂਝੇ ਤੌਰ ਤੇ ਰਿਆਤ ਅਤੇ ਬਾਹਰਾ ਯੂਨੀਵਰਸਿਟੀ, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਨਿਰਮਾਤਾਵਾਂ ਵਲੋਂ ਦੇਸ਼ ਦੇ ਨਾਗਰਿਕਾਂ ਨੂੰ ਦਿੱਤੇ ਗਏ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਮਾਜ ਦੇ ਹਰ ਵਰਗ ਨੂੰ ਸੰਵਿਧਾਨ ਦੀ ਭੂਮਿਕਾ ਅਤੇ ਸੰਵਿਧਾਨ ਵਿਚ ਦਰਜ ਮੁੱਢਲੇ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਗਰੂਕ ਕਰਨ ਤਾਂ ਜੋ ਆਮ ਲੋਕ ਵੀ ਇਨ੍ਹਾਂ ਦਾ ਲਾਭ ਪ੍ਰਾਪਤ ਕਰ ਸਕਣ ।
—