ਜ਼ਿਲ੍ਹਾ ਐਸ.ਏ.ਐਸ. ਨਗਰ ’ਚ 16 ਲੱਖ ਤੋਂ ਵੱਧ ਲੋਕਾਂ ਦਾ ਹੋਇਆ ਕੋਵਿਡ ਟੀਕਾਕਰਨ

Sorry, this news is not available in your requested language. Please see here.

2 ਲੱਖ ਤੋਂ ਵੱਧ ਲੋਕਾਂ ਨੇ ਤੈਅ ਤਰੀਕ ਮਗਰੋਂ ਵੀ ਦੂਜਾ ਟੀਕਾ ਨਹੀਂ ਲਗਵਾਇਆ : ਡਾ. ਆਦਰਸ਼ਪਾਲ ਕੌਰ*
ਦਵਾਈ ਦੀ ਕੋਈ ਘਾਟ ਨਹੀਂ, ਹਰ ਲਾਭਪਾਤਰੀ ਮੁਕੰਮਲ ਟੀਕਾਕਰਨ ਕਰਵਾਏ : ਡਾ. ਗਿਰੀਸ਼ ਡੋਗਰਾ
   ਐਸ.ਏ.ਐਸ ਨਗਰ, 17 ਜਨਵਰੀ:
 ‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਵਿਚ ਜੰਗੀ ਪੱਧਰ ’ਤੇ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ’ਚ ਹੁਣ ਤਕ 16 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ ਜਿਸ ਵਿਚੋਂ 6 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਦੋਵੇਂ ਟੀਕੇ ਲੱਗ ਚੁੱਕੇ ਹਨ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਵਿਚ ਅੱਜ ਤਕ 10,01,792 ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ ਜਿਸ ਵਿਚੋਂ 6,05,326 ਲੋਕਾਂ ਨੂੰ ਦੋਵੇਂ ਖ਼ੁਰਾਕਾਂ ਦਿਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 2257 ਲੋਕਾਂ ਨੂੰ ਬੂਸਟਰ ਡੋਜ਼ ਦਿਤੀ ਜਾ ਚੁੱਕੀ ਹੈ। ਬੂਸਟਰ ਡੋਜ਼ ਫ਼ਿਲਹਾਲ ਸਿਹਤ ਕਾਮਿਆਂ, ਫ਼ਰੰਟ  ਲਾਈਨ ਕਾਮਿਆਂ ਅਤੇ 60 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਲੱਗ ਰਹੀ ਹੈ। ਇਸੇ ਤਰ੍ਹਾਂ 15 ਤੋਂ 18 ਸਾਲ ਤਕ ਦੇ ਕੁਲ 14,645 ਮੁੰਡਿਆਂ-ਕੁੜੀਆਂ  ਨੂੰ ਕੋਵਿਡ-ਰੋਕੂ ਟੀਕਾ ਲਾਇਆ ਜਾ ਚੁੱਕਾ ਹੈ। ਜ਼ਿਲ੍ਹੇ ਵਿਚ 18 ਸਾਲ ਤੋਂ ਉਪਰਲੇ ਲਾਭਪਾਤਰੀਆਂ ਦੀ ਗਿਣਤੀ 7,43,811 ਹੈ ਅਤੇ 15-18 ਉਮਰ ਸਮੂਹ ਵਾਲਿਆਂ ਦੀ ਗਿਣਤੀ 67,214 ਹੈ। ਇਸ ਵੇਲੇ ਕੋਵੀਸ਼ੀਲਡ ਅਤੇ ਕੋਵੈਕਸੀਨ ਦਵਾਈ ਦੇ ਇੰਜੈਕਸ਼ਨ ਲਾਏ ਜਾ ਰਹੇ ਹਨ ਜਦਕਿ ਸਪੂਤਨਿਕ ਦਵਾਈ ਸਿਰਫ਼ ਪ੍ਰਾਈਵੇਟ ਹਸਪਤਾਲਾਂ ਵਿਚ ਉਪਲਭਧ ਹੈ। ਵੱਖ-ਵੱਖ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਤੋਂ ਬਾਹਰਲੇ ਲੋਕ ਵੀ ਜ਼ਿਲ੍ਹੇ ਵਿਚ ਆ ਕੇ ਟੀਕਾ ਲਗਵਾ ਰਹੇ ਹਨ।
           ਅਧਿਕਾਰੀਆਂ ਨੇ ਟੀਕਾਕਰਨ ਦੀ ਗਤੀ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ ਕਿ ਜ਼ਿਲ੍ਹੇ ਵਿਚ 16 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ-ਰੋਕੂ ਵੈਕਸੀਨ ਦੀ ਕੋਈ ਘਾਟ ਨਹੀਂ। ਉਨ੍ਹਾਂ ਇਸ ਗੱਲ ’ਤੇ ਚਿੰਤਾ ਪ੍ਰਗਟ ਕੀਤੀ ਕਿ ਹਾਲੇ ਵੀ ਕਾਫ਼ੀ ਗਿਣਤੀ ਵਿਚ ਲੋਕ ਦੂਜਾ ਟੀਕਾ ਲਗਵਾਉਣ ਲਈ ਨਹੀਂ ਆ ਰਹੇ। ਉਨ੍ਹਾਂ ਦਸਿਆ ਕਿ 220,964 ਲੋਕਾਂ ਨੇ ਤੈਅ ਸਮੇਂ ’ਤੇ ਅਪਣਾ ਦੂਜਾ ਟੀਕਾ ਨਹੀਂ ਲਗਵਾਇਆ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕ ਵੱਧ ਤੋਂ ਵੱਧ ਗਿਣਤੀ ਵਿਚ ਆ ਕੇ ਟੀਕਾ ਲਗਵਾਉਣ ਖ਼ਾਸਕਰ ਉਹ ਲੋਕ ਜਿਨ੍ਹਾਂ ਨੇ ਦੂਜਾ ਟੀਕਾ ਲਗਾਉਣ ਵਿਚ ਹਾਲੇ ਵੀ ਦੇਰ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਜੇ ਦੂਜਾ ਟੀਕਾ ਤੈਅ ਸਮੇਂ ’ਤੇ ਨਹੀਂ ਲਗਵਾਇਆ ਜਾਂਦਾ ਤਾਂ ਪਹਿਲਾ ਟੀਕਾ ਲਗਵਾਉਣ ਦਾ ਕੋਈ ਫ਼ਾਇਦਾ ਨਹੀਂ। ਜਦ ਦੋਵੇਂ ਟੀਕੇ ਲੱਗ ਜਾਂਦੇ ਹਨ, ਤਦ ਹੀ ਸਰੀਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਤਾਕਤ ਪੂਰੀ ਤਰ੍ਹਾਂ ਪੈਦਾ ਹੁੰਦੀ ਹੈ।
          ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਪੂਰੀ ਜੱਦੋਜਹਿਦ ਕਰ ਰਿਹਾ ਹੈ ਪਰ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਨਵਾਂ ਸਰੂਪ ‘ਓਮੀਕਰੌਨ’ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਪਰ ਇਸ ਤੋਂ ਘਬਰਾਉਣ ਦੀ ਬਜਾਏ ਸਾਰੇ ਲੋਕਾਂ ਨੂੰ ਉਕਤ ਨਿਯਮਾਂ ਦੀ ਪਾਲਣਾ ਕਰਨ ਅਤੇ ਮੁਕੰਮਲ ਟੀਕਾਕਰਨ ਕਰਵਾਉਣ ਦੀ ਲੋੜ ਹੈ। ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ।  ਸਿਹਤ ਸਬੰਧੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫ਼ੋਟੋ ਕੈਪਸ਼ਨ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡਾ. ਗਿਰੀਸ਼ ਡੋਗਰਾ ਜਾਣਕਾਰੀ ਦਿੰਦੇ ਹੋਏ।