ਝੋਨੇ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰੋ: ਮੁੱਖ ਖੇਤੀਬਾੜੀ ਅਫ਼ਸਰ

Sorry, this news is not available in your requested language. Please see here.

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਪੋਰਟਲ ‘ਤੇ 30 ਜੂਨ ਤੱਕ ਕਰ ਸਕਦੇ ਹਨ ਰਜਿਸਟ੍ਰੇਸ਼ਨ
ਫ਼ਿਰੋਜ਼ਪੁਰ, 19 ਮਈ 2025
ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਥੱਲੇ ਜਾ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਰਾਜ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਝੋਨੇ ਦੀ ਤਰ-ਵੱਤਰ ਵਿੱਚ ਸਿੱਧੀ ਬਿਜਾਈ (ਡੀ.ਐਸ.ਆਰ) ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਖੇਤੀ ਕਾਮਿਆਂ ਦੀ ਘਾਟ ਦੀ ਸਮੱਸਿਆ ਨੂੰ ਹੱਲ ਕਰਨ ਦੀ ਸਮਰੱਥਾ ਵੀ ਰੱਖਦੀ ਹੈ। ਇਸ ਤਕਨੀਕ ਨਾਲ ਜਿੱਥੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਫਸਲ ਨੂੰ ਕੀਟ ਪਤੰਗ ਤੇ ਬੀਮਾਰੀਆਂ ਵੀ ਘੱਟ ਲੱਗਦੀਆਂ ਹਨ। ਪਰਾਲੀ ਦਾ ਪ੍ਰਬੰਧਨ ਵੀ ਸੌਖਾ ਹੋ ਜਾਂਦਾ ਹੈ ਤੇ ਅਗਲੀ ਫਸਲ (ਕਣਕ) ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ।
ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2025-26 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।  ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਰਜਿਸਟਰੇਸ਼ਨ 30 ਜੂਨ 2025 ਤੱਕ https://agrisubsidy.agrimachinerypb.com/#/dsr-registration ਉੱਤੇ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦੀ ਪਹਿਲੀ ਤਸਦੀਕ 1 ਜੁਲਾਈ, 2025 ਤੋਂ 15 ਜੁਲਾਈ, 2025 ਤੱਕ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਕੀਤੀ ਜਾਵੇਗੀ ਅਤੇ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਪਿੰਡਵਾਰ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਉਹ ਵੱਧ ਤੋਂ ਵੱਧ ਰਕਬੇ ਉੱਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾ ਕੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਤੇ ਪੋਰਟਲ ਉੱਪਰ ਰਜਿਸਟ੍ਰੇਸ਼ਨ ਆਦਿ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਜ਼ਿਲ੍ਹਾ ਫਿਰੋਜ਼ਪੁਰ ਦੇ ਹੈਲਪਲਾਈਨ ਨੰ: 98726-40403 ਉੱਤੇ ਸ੍ਰੀ ਤਰਨਜੀਤ ਸਿੰਘ ਖੇਤੀਬਾੜੀ ਅਫ਼ਸਰ (ਟਰੇਨਿੰਗ) ਅਤੇ ਬਲਾਕ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ।