ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਭੈਣੀ ਸ਼ਾਲੂ ‘ਚ 7 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

Sorry, this news is not available in your requested language. Please see here.

– ਜ਼ਿਲ੍ਹੇ ‘ਚ 188 ਏਕੜ ਜ਼ਮੀਨ ‘ਚੋਂ ਇਕੱਲੇ ਬਲਾਕ ਲੁਧਿਆਣਾ-2 ਵੱਲੋਂ ਹੁਣ ਤੱਕ 102 ਏਕੜ ਜ਼ਮੀਨ ਛੁਡਵਾਈ ਗਈ

ਲੁਧਿਆਣਾ, 19 ਮਈ (000) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਭੈਣੀ ਸ਼ਾਲੂ ਵਿਖੇ 7 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ।

ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਡੀ.ਡੀ.ਪੀ.ਓ ਸ੍ਰੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਭੈਣੀ ਸ਼ਾਲੂ ਵਿਖੇ 7 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ।

ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 188 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ਵਿੱਚੋਂ ਇਕੱਲੇ ਬਲਾਕ ਲੁਧਿਆਣਾ-2 ਵੱਲੋਂ ਕਰੀਬ 102 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ।

ਸ. ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਪੰਚਾਇਤ ਸਕੱਤਰ ਸ੍ਰੀ ਸ਼ਰੇਨੂ ਅਗਰਵਾਲ, ਪੰਚਾਇਤ ਸੰਮਤੀ ਪਟਵਾਰੀ ਸ. ਬਲਜਿੰਦਰ ਸਿੰਘ, ਸਰਪੰਚ ਪਿੰਡ ਭੈਣੀ ਸ਼ਾਲੂ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।