ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਨਵਾਂਸ਼ਹਿਰ ਬਣਿਆ ਨੰਬਰ ਵੰਨ-ਵਿਸ਼ੇਸ਼ ਸਾਰੰਗਲ

VISHESH SARANGAL
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ  ਰਾਜ 'ਚ ਸਭ ਤੋਂ ਅੱਗੇ

Sorry, this news is not available in your requested language. Please see here.

ਸੇਵਾ ਕੇਂਦਰਾਂ ਵਿਚ ਕੇਵਲ 0.04 ਫੀਸਦੀ ਅਰਜ਼ੀਆਂ ਹੀ ਨਿਪਟਾਰੇ ਲਈ ਬਕਾਇਆ
ਪੈਂਡੈਂਸੀ ਦੀ ਰੋਜ਼ਾਨਾ ਨਿਗਰਾਨੀ ਸਦਕਾ ਪੰਜਾਬ ਭਰ ’ਚੋਂ ਮਾਰੀ ਬਾਜ਼ੀ
ਨਵਾਂਸ਼ਹਿਰ, 11 ਨਵੰਬਰ 2021
ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਕੇਵਲ 0.04 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਜ਼ਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ਸ਼ ਸਾਰੰਗਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੁਆਰਾ ਸੇਵਾ ਕੇਂਦਰਾ ਵਿਖੇ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਇਹ ਟੀਚਾ ਹਾਸਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਨਵੰਬਰ 2020 ਤੋਂ 10 ਨਵੰਬਰ 2021 ਤੱਕ ਇਕ ਸਾਲ ਦੇ ਅਰਸੇ ਦੌਰਾਨ ਪ੍ਰਸ਼ਾਸਨ ਨੂੰ ਸਮੁੱਚੇ 17 ਸੇਵਾ ਕੇਂਦਰਾਂ ਵਿਖੇ ਵੱਖ-ਵੱਖ ਸੇਵਾਵਾਂ ਲਈ ਕੁੱਲ 136274 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨਾ ਦਾ ਅਧਿਕਾਰੀਆਂ ਵੱਲੋਂ ਸਮੇਂ ਸਿਰ ਨਿਪਟਾਰਾ ਕੀਤਾ ਗਿਆ। ਇਨਾਂ ਅਰਜ਼ੀਆਂ ਵਿਚੋਂ ਮੌਜੂਦਾ ਸਮੇਂ ਵਿਚ ਕੇਵਲ 0.04 ਫੀਸਦੀ ਭਾਵ 61 ਹੀ ਨਿਪਟਾਰੇ ਲਈ ਬਕਾਇਆ ਹਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੈਂਡੈਂਸੀ ਦੀ ਨਿਯਮਿਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਉਨਾਂ ਵੱਲੋਂ ਖ਼ੁਦ ਪੈਂਡੇਸੀ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਂਦੀ ਹੈ ਅਤੇ ਬਕਾਇਆ ਅਰਜ਼ੀਆਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਇਨਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਵਾਇਆ ਜਾਂਦਾ ਹੈ। ਉਨਾਂ ਕਿਹਾ ਕਿ ਜ਼ਿਲੇ ਵੱਲੋਂ ਆਪਣੀ ਇਸ ਬਿਹਤਰੀਨ ਕਾਰਗੁਜ਼ਾਰੀ ਨੂੰ ਭਵਿੱਖ ਵਿਚ ਵੀ ਬਰਕਰਾਰ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਸੇਵਾ ਕੇਂਦਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਨਾਗਰਿਕਾਂ ਨੂੰ ਬਿਹਤਰ ਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨਾਂ ਵਿਚ ਇਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ।
ਫੋਟੋ :-ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ।
-ਸੇਵਾ ਕੇਂਦਰ।