ਪਟਿਆਲਾ ਦੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Sorry, this news is not available in your requested language. Please see here.

-ਫ਼ੀਸ ਐਕਟ ਦੀ ਉਲੰਘਣਾ ਤੇ ਹੋਰਨਾ ਊਣਤਾਈਆਂ ਕਰਕੇ ਕੀਤੀ ਗਈ ਕਾਰਵਾਈ : ਡਿਪਟੀ ਕਮਿਸ਼ਨਰ
ਪਟਿਆਲਾ, 21 ਮਈ :-
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ‘ਚ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਕਮੀਆਂ ਪਾਏ ਜਾਣ ‘ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੀ ਗਈ ਚੈਕਿੰਗ ਦੌਰਾਨ ਫ਼ੀਸਾਂ ਸਮੇਤ ਹੋਰ ਊਣਤਾਈਆਂ ਪਾਏ ਜਾਣ ਵਾਲੇ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ’  ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਬਣਾਈ ਗਈ ਨਿਰੀਖਣ ਟੀਮ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਕੀਤੇ ਗਏ ਨਿਰੀਖਣ ਦੌਰਾਨ ਇਹ ਸਾਹਮਣੇ ਆਇਆ ਕਿ ਇਨ੍ਹਾਂ ਸਕੂਲਾਂ ਵੱਲੋਂ ਫ਼ੀਸ ਐਕਟ-2016 ਦੀ ਉਲੰਘਣਾ ਕੀਤੀ ਗਈ ਹੈ, ਇਸ ਲਈ ਸਬੰਧਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿਉ ਨਾ ਉਨ੍ਹਾਂ ਵਿਰੁੱਧ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016’  ਦੀ ਧਾਰਾ 14 (1) ਅਤੇ 14(4) ਤਹਿਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣਾ ਜਵਾਬ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਦੀ ਹਦਾਇਤ ਕੀਤੀ ਗਈ ਹੈ। ਜੇਕਰ ਸਕੂਲਾਂ ਵੱਲੋਂ ਇਕ ਹਫ਼ਤੇ ‘ਚ ਆਪਣਾ ਜਵਾਬ ਪੇਸ਼ ਨਹੀਂ ਕੀਤਾ ਜਾਂਦਾ ਤਾਂ ਅਜਿਹੀ ਸੂਰਤ ਵਿੱਚ ਐਕਟ ਦੀਆਂ ਧਾਰਾਵਾਂ ਤਹਿਤ ਇਕ ਤਰਫ਼ਾਂ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।