ਵਿਸ਼ਵਕਰਮਾ ਚੌਂਕ ਤੋਂ ਜੀ.ਐਨ.ਈ. ਕਾਲਜ ਤੱਕ ਬਣਾਈ ਜਾ ਰਹੀ ਸੜ੍ਹਕ ‘ਚ ਬੇਨਿਯਮੀਆਂ ਪਾਏ ਜਾਣ ਦਾ ਹੈ ਮਾਮਲਾ

Sorry, this news is not available in your requested language. Please see here.

– ਪੰਜਾਬ ਸਰਕਾਰ ਸੂਬੇ ‘ਚ ਭ੍ਰਿਸ਼ਟਾਚਾਰ ਤੇ ਭੈਅ ਮੁਕਤ ਮਾਹੌਲ ਸਿਰਜਣ ਲਈ ਵਚਨਬੱਧ ਹੈ – ਕੁਲਵੰਤ ਸਿੰਘ ਸਿੱਧੂ

ਲੁਧਿਆਣਾ, 07 ਅਕਤੂਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਿਸ਼ਵਕਰਮਾ ਚੌਂਕ ਤੋਂ ਜੀ.ਐਨ.ਈ. ਕਾਲਜ ਤੱਕ ਬਣਾਈ ਜਾ ਰਹੀ ਸੜ੍ਹਕ ਸਬੰਧੀ ਨਗਰ ਨਿਗਮ ਅਧਿਕਾਰੀਆਂ ਪਾਸੋ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ।
ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਵਿਧਾਇਕ ਸਿੱਧੂ ਦੇ ਧਿਆਨ ਵਿੱਚ ਆਇਆ ਕਿ ਇਸ ਸੜ੍ਹਕ ਦੇ ਨਿਰਮਾਣ ਕਾਰਜ਼ਾਂ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਸੰਯੁਕਤ ਕਮਿਸ਼ਨਰ ਡਾ. ਪੂਨਮ ਪ੍ਰੀਤ ਕੌਰ, ਐਕਸੀਅਨ ਸ੍ਰੀ ਰਾਕੇਸ਼ ਸਿੰਗਲਾ ਅਤੇ ਠੇਕੇਦਾਰ ਰਾਜੂ ਨੂੰ ਸੁਆਲ ਕੀਤਾ ਕਿ ਉਪਰੋਕਤ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਘੋਖ ਪੜਤਾਲ ਕਰਦਿਆਂ ਰਿਪੋਰਟ ਜਨਤਕ ਕੀਤੀ ਜਾਵੇ ਤਾਂ ਜੋ ਸੱਚਾਈ ਆਮ ਲੋਕਾਂ ਦੇ ਸਾਹਮਣੇ ਆ ਸਕੇ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਨਸ਼ੀਲਤਾ ਦੀ ਨਿਤੀ ਨੂੰ ਮੁੱਖ ਰੱਖਦਿਆਂ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ/ਠੇਕੇਦਾਰਾਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ।
ਵਿਧਾਇਕ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ‘ਚੋਂ ਵੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦਾ ਬੀੜਾ ਚੁੱਕਿਆ ਹੈ ਜਿਸ ਤਹਿਤ ਹੁਣ ਸਰਕਾਰੀ ਦਫ਼ਤਰਾਂ ਵਿੱਚ ਬਗੈਰ ਰਿਸ਼ਵਤ ਦੇ ਆਮ ਲੋਕਾਂ ਦੇ ਕੰਮ ਹੋ ਰਹੇ ਹਨ। ਉਨ੍ਹਾ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਉਨ੍ਹਾ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਜਾਂ ਮਾਣਯੋਗ ਮੁੱਖ ਮੰਤਰੀ ਵੱਲੋਂ ਐਂਟੀ ਕਰੱਪਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜਿਸ ‘ਤੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।