ਕੈਬਨਿਟ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਮੰਡੀ ਦਾ ਦੌਰਾ ਕਰਕੇ ਲਿਆ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਚਮਕੌਰ ਸਾਹਿਬ, 07 ਅਕਤੂਬਰ :
ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਤੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਮੰਡੀ ਵਿਖੇ ਜਾਇਜ਼ਾ ਲੈਣ ਉਪਰੰਤ ਉਹ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ, ਜਿੱਥੇ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਿਰੋਪਾਓ ਦਿੱਤਾ ਗਿਆ।
ਮੰਡੀ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕਰੀਬ 03 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ ਕਰੀਬ 2.5 ਲੱਖ ਮੀਟ੍ਰਿਕ ਟਨ ਦੀ ਖਰੀਦ ਕਰ ਕੇ ਕਰੀਬ 350 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ। ਇਸ ਦੇ ਨਾਲੋ ਨਾਲ ਲਿਫਟਿੰਗ ਵੀ ਨਿਰਵਿਘਨ ਜਾਰੀ ਹੈ।
ਇਸ ਮੌਕੇ ਉਹਨਾਂ ਦਸਿਆ ਕਿ ਵੱਖ ਵੱਖ ਕਾਰਨਾਂ ਕਰ ਕੇ ਹੋਏ ਝੋਨੇ ਦੇ ਖਰਾਬੇ ਸਬੰਧੀ ਗਿਰਦਾਵਰੀ ਜਾਰੀ ਹੈ ਤੇ ਮੁਕਮੰਲ ਹੁੰਦੇ ਸਾਰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਖਰੀਦ ਤੋਂ ਕੁੱਝ ਘੰਟਿਆਂ ਬਾਅਦ ਹੀ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪੈ ਰਹੇ ਹਨ।
ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ਵਿਚ ਜਿਹੜਾ 20 ਰੁਪਏ ਦਾ ਵਾਧਾ ਕੀਤਾ ਗਿਆ ਹੈ, ਉਹ ਵੀ ਇਤਿਹਾਸਕ ਫੈਸਲਾ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਤੇ ਗੰਨੇ ਹੇਠ ਰਕਬਾ ਵਧੇਗਾ।
ਕੈਬਨਿਟ ਮੰਤਰੀ ਨੇ ਕਿਸਾਨਾਂ ਸਮੇਤ ਖਰੀਦ ਨਾਲ ਸਬੰਧਿਤ ਹਰ ਵਰਗ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਮੰਡੀਆਂ ਵਿੱਚ ਲੈਕੇ ਆਉਣ ਤੇ ਪਰਾਲੀ ਨੂੰ ਅੱਗ ਨਾ ਲਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਜੀਵ ਕੁਮਾਰ ਗਰਗ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਨਵਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

हिंदी






