ਵਿਰੋਧੀਆਂ ‘ਤੇ ਵਰ੍ਹਦਿਆਂ, ਦੋ ਵਿਧਾਇਕ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ‘ਚ ਕਾਂਗਰਸ ਦੇ ਪੰਜ ਸੀਨੀਅਰ ਵਿਧਾਇਕ ਸਰਕਾਰ ਦੇ ਸਮਰਥਨ ‘ਚ ਆਏ ਸਾਹਮਣੇ

Punjab Chief Minister Captain Amarinder Singh

ਲੁਧਿਆਣਾ, 20 ਜੂਨ 2021 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੀ ਕੈਬਨਿਟ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਾਂਗਰਸ ਦੇ ਪੰਜ ਸੀਨੀਅਰ ਵਿਧਾਇਕ ਸਰਕਾਰ ਦੇ ਸਮਰਥਨ ਵਿਚ ਸਾਹਮਣੇ ਆਏ ਹਨ ਅਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਨੀਤੀ ਅਨੁਸਾਰ ਲਿਆ ਗਿਆ ਹੈ ਜਿਸ ਤਹਿਤ ਅੱਤਵਾਦੀ ਪੀੜਤ ਪਰਿਵਾਰ, ਸੁਤੰਤਰਤਾ ਸੈਨਾਨੀ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਪੰਜਾਬ ਵਿੱਚ ਨੌਕਰੀਆਂ ਮਿਲਦੀਆਂ ਹਨ।
ਇੱਕ ਸਾਂਝੇ ਬਿਆਨ ਵਿੱਚ ਕੁਲਦੀਪ ਸਿੰਘ ਵੈਦ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਧਾਲੀਵਾਲ, ਅਤੇ ਸਤਕਾਰ ਕੌਰ ਸਣੇ 5 ਵਿਧਾਇਕਾਂ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੀ ਰਾਖੀ ਲਈ ਸ਼ਹਾਦਤ ਪ੍ਰਾਪਤ ਕਰਨ ਵਾਲਿਆਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਫਰਜ਼ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਬੇਲੋੜੀ ਬਿਆਨਵਾਜੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਹ ਬਿਨ੍ਹਾਂ ਵਜ੍ਹਾ ਅੱਤਵਾਦੀ ਪੀੜਤ ਪਰਿਵਾਰਾਂ, ਸੁਤੰਤਰਤਾ ਸੈਨਾਨੀਆਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਲੋਕਾਂ ਦਾ ਨਿਰਾਦਰ ਕਰਨ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰੇਕ ਅਜਿਹੇ ਪਰਿਵਾਰਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜਿਨ੍ਹਾਂ ਦੇ ਮੈਂਬਰ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਕੌਮ ਲਈ ਜਾਨ ਗੁਆਉਂਦੇ ਹਨ, ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਸਾਡੀ ਸਰਕਾਰ ਹਮੇਸ਼ਾ ਅਜਿਹੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਇਹ ਇਤਿਹਾਸਕ ਫੈਸਲਾ ਲਿਆ ਹੈ।