• ਕਿਸਾਨਾਂ ਨੂੰ ਜਾਰੀ ਕੀਤੇ 138.21 ਕਰੋੜ ਰੁਪਏ
• ਬਾਰਿਸ਼ ਤੋਂ ਬਚਾਅ ਲਈ ਮੰਡੀਆਂ “ਚ ਯੋਗ ਪ੍ਰਬੰਧ
ਰੂਪਨਗਰ 16 ਅਕਤੂਬਰ:
ਜ਼ਿਲ੍ਹੇ ਵਿੱਚ ਹੋਈ ਬੇ-ਮੌਸਮੀ ਬਾਰਿਸ਼ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਵੀ ਅਸਰ ਪਿਆ ਹੈ, ਜਿਸ ਕਾਰਨ ਮਿਤੀ 16 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ 3730 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਯਾਦਵ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਮੰਡੀਆਂ ਵਿੱਚ 68 ਹਜ਼ਾਰ 967 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ।
ਉਨ੍ਹਾਂ ਹੋਰ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰਨ ਲਈ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਸਨ, ਜਿਸ ਕਾਰਨ ਅੱਜ ਹੋਈ ਬੇਮੌਸਮੀ ਬਾਰਿਸ਼ ਨਾਲ ਮੰਡੀ ਵਿੱਚ ਪਈ ਫਸਲ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ ਅਦਾਇਗੀ 138.21 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ ਤਬਦੀਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 68 ਹਜ਼ਾਰ 611 ਮੀਟਰਕ ਟਨ ਝੋਨਾ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 326 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 28546 ਮੀਟਰਿਕ ਟਨ, ਮਾਰਕਫੈੱਡ ਵੱਲੋਂ 15990 ਮੀਟਰਿਕ ਟਨ, ਪਨਸਪ ਵੱਲੋਂ 13515 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 8508 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 2052 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਾਰਿਸ਼ ਦੇ ਸਨਮੁੱਖ 17% ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਅਤੇ ਗਿੱਲੀ ਫਸਲ ਦੀ ਕਟਾਈ ਨਾ ਕੀਤੀ ਜਾਵੇ ਤਾਂ ਜੋ ਕਿਸਾਨ ਦੀ ਫਸਲ ਦੀ ਬਿਨ੍ਹਾਂ ਕਿਸੇ ਦੇਰੀ ਤੋਂ ਬੋਲੀ ਲੱਗ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ, ਕਿਉਂਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ। ਉਨ੍ਹਾਂ ਜ਼ਿਲ੍ਹੇ ਦੇ ਮਿੱਲਰਾਂ ਨੂੰ ਵੀ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਿਸਾਨਾ ਵੱਲੋਂ ਲਿਆਂਦੀ ਗਈ ਫਸਲ ਨੂੰ ਸਮੇਂ ਸਿਰ ਲਿਫਟ ਕਰਵਾਉਣ ਲਈ ਉੱਚਿਤ ਬਾਰਦਾਨਾ ਮੁਹੱਈਆ ਕਰਵਾਉਂਦੇ ਹੋਏ ਅਤੇ ਸਮੇਂ ਸਰਿ ਸ਼ੈਲਰਾਂ ਵਿੱਚ ਸਟੋਰ ਕੀਤਾ ਜਾਵੇ।
ਫੋਟੋ:- ਰੂਪਨਗਰ ਮੰਡੀ ਦਾ ਦ੍ਰਿਸ਼

English






