ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

— ਡਾ. ਪ੍ਰੀਤੀ ਯਾਦਵ ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ ਤੇ ਦਿੱਤੇ ਤੋਹਫ਼ੇ
— ਮੁਲਾਜ਼ਮਾਂ ਦੀਆਂ ਵੱਖ-ਵੱਖ ਖੇਡਾਂ ਕਰਵਾਈਆਂ
ਰੂਪਨਗਰ, 10 ਨਵੰਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਸਾਰੇ ਮੁਲਾਜ਼ਮਾਂ ਨੂੰ ਤੋਹਫ਼ੇ ਦਿੱਤੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਰਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨਾਂ ਪਵਿੱਤਰ ਮੌਕਿਆਂ ਨੂੰ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।
ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।
ਇਸ ਪ੍ਰੋਗਰਾਮ ਦੌਰਾਨ ਸਮੂਹ ਸਟਾਫ਼ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਜਿਵੇਂ ਮਿਊਜ਼ਿਕਲ ਚੇਅਰ, ਕੋਇਨ ਖੇਡ ਅਤੇ ਹੋਰ ਦਿਮਾਗੀ ਖੇਡਾਂ ਕਰਵਾ ਕੇ ਤੇ ਗੀਤ ਸੰਗੀਤ ਰਾਹੀ ਸਭ ਦਾ ਮਨੋਰੰਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਮੁਲਾਜ਼ਮਾਂ ਸੁਪ੍ਰੀਤ ਸਿੰਘ, ਰਾਜਵੀਰ ਕੌਰ, ਭੁਪਿੰਦਰ ਸਿੰਘ ਅਤੇ ਲਕਸ਼ਮੀ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ, ਸੁਪਰਡੈਂਟ ਸ਼੍ਰੀਮਤੀ ਹਰਪਾਲ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ।