ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖਰੀਦ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ
ਗੈਰਕਾਨੂੰਨੀ ਤਰੀਕੇ ਨਾਲ ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਤਰਨ ਤਾਰਨ, 10 ਅਪ੍ਰੈਲ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਕ ਵਰਚੁਅਲ ਸਮਾਗਮ ਰਾਹੀਂ ਹਾੜੀ ਸੀਜ਼ਨ-2021 ਦੀ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਇਸ ਸਾਰੀ ਪ੍ਰਕਿਰਿਆ ਵਿੱਚ ਆੜ੍ਹਤੀਆਂ ਦੀ ਅਹਿਮ ਭੁਮਿਕਾ ਬਣੀ ਰਹੇਗੀ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਨਾਲ-ਨਾਲ ਆੜ੍ਹਤੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਆੜ੍ਹਤੀਆਂ ਐਸੋਸੀਏਸ਼ਨ ਵੱਲੋਂ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸਭ ਤੋਂ ਵਧੀਆ ਹੈ, ਜਿਸ ਨੂੰ ਕੇਂਦਰ ਸਰਕਾਰ ਖਰਾਬ ਕਰਨ ਲਈ ਗਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ ਮੰਨਣ ਲਈ ਮਜ਼ਬੂਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੇ ਰੁਜ਼ਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੁਲਤ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਜਾਂ ਆੜਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜਰ ਮੰਡੀਆਂ ਵਿਚ ਪੁਰੇ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਡੀਆਂ ਵਿਚ ਵੈਕਸੀਨ ਲਗਾਉਣ ਦੀ ਵਿਵਸਥਾ ਵੀ ਸਿਹਤ ਮਹਿਕਮੇ ਨਾਲ ਮਿਲ ਕੇ ਕੀਤੀ ਜਾ ਰਹੀ ਹੈ।
ਇਸ ਵਰਚੂਅਲ ਸਮਾਗਮ ਵਿੱਚ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਇਸ ਵਰਚੂਅਲ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਅਤੇ ਐੱਸ. ਪੀ. ਸ੍ਰੀ ਬਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖਰੀਦ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।ਹਾਲਾਂਕਿ ਜ਼ਿਲੇ ਵਿਚ ਕਣਕ ਦੀ ਫਸਲ ਥੋੜ੍ਹੀ ਪਛੇਤੀ ਹੋਣ ਕਾਰਨ ਅਗਲੇ ਹਫ਼ਤੇ ਤੱਕ ਮੰਡੀਆਂ ਵਿੱਚ ਕਣਕ ਦੀ ਆਮਦ ਦੇ ਜ਼ੋਰ ਫੜਨ ਦੀ ਆਸ ਹੈ। ਉਹਨਾਂ ਕਿਹਾ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੋਵਿਡ ਸਬੰਧੀ ਹਦਾਇਤਾਂ ਪਾਲਣਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।ਉਹਨਾਂ ਕਿਹਾ ਕਿ ਸਮੂਹ ਖਰੀਦ ਕੇਂਦਰਾਂ ‘ਤੇ ਹੱਥ ਧੋਣ ਲਈ ਪਾਣੀ, ਸੈਨੇਟਾਈਜ਼ਰ ਅਤੇ ਮਾਸਕ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਨਜ਼ਾਇਜ ਤਰੀਕੇ ਨਾਲ ਕਣਕ ਲਿਆ ਕੇ ਪੰਜਾਬ ਵਿਚ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।

English






