ਝੋਨੇ ਦੀ ਫ਼ਸਲ ਉੱਤੇ ਹੋ ਰਹੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ
ਮੋਰਿੰਡਾ, 04 ਅਕਤੂਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਚੋਪੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਮੋਰਿੰਡਾ ਦੇ ਪਿੰਡ ਮਾਨਖੇੜੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਖ਼ੇਤੀਬਾੜੀ ਵਿਕਾਸ ਅਫ਼ਸਰ ਮੋਰਿੰਡਾ ਸ. ਜੈਦੀਪ ਸਿੰਘ ਵੱਲੋਂ ਝੋਨੇ ਦੀ ਫ਼ਸਲ ਉੱਤੇ ਹੋ ਰਹੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਫ਼ਸਲ ਉੱਪਰ ਇਸ ਸਮੇਂ ਭੂਰੀ ਪਿੱਠ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦਾ ਹਮਲਾ ਦੇਖਣ ਨੂੰ ਮਿਲਿਆ ਹੈ ਜੋ ਕਿ ਵਾਇਰਸ ਨੂੰ ਫੈਲਾਉਂਦਾ ਹੈ। ਜਿਸ ਦੇ ਕੰਟਰੋਲ ਲਈ ਸਿਫਾਰਸ਼ ਕੀਟਨਾਸ਼ਕ 80 ਗ੍ਰਾਮ ਓਸ਼ੇਂਨ, 84 ਗ੍ਰਾਮ ਪੈਕਸਾਲੋਨ ਜਾਂ ਪੋਗਮ ਚੇਰਸ ਪ੍ਰਤੀ ਏਕੜ ਦਾ ਛਿੜਕਾਅ ਕੀਤਾ ਜਾਵੇ।
ਇਸਦੇ ਨਾਲ ਹੀ ਉਹਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਸਾਂਭਣ ਦੇ ਤਰੀਕਿਆਂ ਬਾਰੇ ਦੱਸਿਆ ਗਿਆ। ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦੇ ਹਾਂ ਤਾਂ ਧੂੰਏ ਨਾਲ ਸਾਹ ਦੀਆਂ ਬਿਮਾਰੀਆਂ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਵੱਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਮੁੱਖ ਸਕੱਤਰ, ਪੰਜਾਬ ਸਰਕਾਰ, ਸ਼੍ਰੀ ਵੀ. ਕੇ. ਜੰਜੂਆ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਵੀਡੀਓ ਕਾਨਫਰੰਸ ਦੇ ਰੂਪ ਵਿਚ ਹੋਈ ਮੀਟਿੰਗ ਵਿੱਚ ਇਸ ਗੱਲ ਉੱਤੇ ਜ਼ੋਰ ਦਿੱਤਾ ਗਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਇਸ ਕੈਂਪ ਦੌਰਾਨ ਪਿੰਡ ਮਾਨਖੇੜੀ ਅਤੇ ਚਤਾਮਲਾ ਦੇ ਨਾਲ ਨਾਲ ਹੋਰ ਪਿੰਡਾਂ ਦੇ ਕਿਸਾਨ ਵੀ ਹਾਜ਼ਰ ਸਨ।

English






