* ਹਰ ਸ਼ੁੱਕਰਵਾਰ ਮਨਾਓ ਡਰਾਈ ਡੇਅ; ਘਰ ਘਰ ਵੰਡੇ ਪੈਂਫਲੇਟਸ
ਬਰਨਾਲਾ, 3 ਨਵੰਬਰ ;-
ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਸਬੰਧੀ ਚੌਕਸੀ ਵਰਤਦਿਆਂ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ’ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਵਿੱਚ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ ਜੋ ਕਿ ਡੇਂਗੂ ਲਾਰਵੇ ਦਾ ਮੁੱਖ ਸਰੋਤ ਬਣਦਾ ਹੈ। ਡਾ. ਔਲ਼ਖ ਨੇ ਦੱਸਿਆ ਕਿ ਹਰੇਕ ਸ਼ੁੱਕਰਵਾਰ ਨੂੰ ਇਨ੍ਹਾਂ ਖੜ੍ਹੇ ਪਾਣੀ ਵਾਲੇ ਸਰੋਤਾਂ ਦੀ ਸਾਫ਼-ਸਫਾਈ ਕਰਕੇ ਚੰਗੀ ਤਰਾਂ ਸੁਕਾਓ ਅਤੇ “ਡਰਾਈ ਡੇਅ” ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਧ ਵੱਧ ਲੋਕਾਂ ਨੂੰ ਜਾਗਰੁਕ ਕਰਨ ਲਈ ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ, ਫੋਕ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਲੋਕਾਂ ਨੂੰ ਡੇਂਗੂ ਦੇ ਮੁੱਖ ਸਰੋਤ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।
ਜ਼ਿਲਾ ਐਪਡੀਮਾਲੋਜਿਸਟ ਡਾ. ਮੁਨੀਸ਼ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ’ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਸਰੀਰ ‘ਤੇ ਧੱਫੜ, ਨੱਕ ਜਾਂ ਮਸੂੜਿਆਂ ’ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।
ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਜਾਂਦੀ ਰਹਿੰਦੀ ਹੈ ਅਤੇ ਜੇਕਰ ਕੋਈ ਵੀ ਲਾਰਵਾ ਮਿਲਦਾ ਹੈ ਤਾਂ ਮੌਕੇ ’ਤੇ ਨਸ਼ਟ ਕਰ ਦਿੱਤਾ ਜਾਂਦਾ ਹੈ
ਹਰਜੀਤ ਸਿੰਘ ਬਾਗੀ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਪਿੰਡ ਪੱਧਰ ਤੱਕ ਗੁਰਦੁਆਰਾ ਸਾਹਿਬ ਤੋਂ ਬਾਕਾਇਦਾ ਪਿੰਡਾਂ ਵਿੱਚ ਡੇਂਗੂ ਜਾਗਰੂਕਤਾ ਲਈ ਅਨਾਉਂਸਮੈਂਟ , ਮੁਨਿਆਦੀ , ਪੈੰਫਲੇਟਸ ਵੰਡਣ ਆਦਿ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
—ਬਾਕਸ ਲਈ ਪ੍ਰਸਤਾਵਿਤ–
ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਵਿਰੁੱਧ ਵੱਖ ਵੱਖ ਵਿਭਾਗਾਂ ਦੀ ਮੀਟਿੰਗ
ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨਗਰ ਕੌਂਸਲਾਂ ਨੂੰ ਸ਼ਹਿਰਾਂ ਵਿੱਚ ਫੌਗਿੰਗ ਕਰਵਾਉਣ ਅਤੇ ਬੀਡੀਪੀਓਜ਼ ਨੂੰ ਪਿੰਡਾਂ ਦੇ ਛੱਪੜਾਂ ਵਿੱਚ ਕਾਲਾ ਤੇਲ ਆਦਿ ਦੇ ਛਿੜਕਾਅ ਬਾਰੇ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੰਬਰ ਮਹੀਨਾ ਡੇਂਗੂ ਦੇ ਖਤਰੇ ਵਾਲਾ ਹੋਣ ਕਾਰਨ ਇਸ ਤੋਂ ਬਚਣ ਲਈ ਇਹਤਿਆਤਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਔਲਖ, ਐਸਐਮਓ ਸਤਵੰਤ ਔਜਲਾ, ਐਸਐਮਓ ਨਵਜੀਤਪਾਲ ਭੁੱਲਰ ਆਦਿ ਹਾਜ਼ਰ ਸਨ।

English






