ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪਠਾਨਕੋਟ ,21 ਜੂਨ 2021 ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲੱਬਧ ਕਰਵਾਉਣ ਦੇ ਨਾਲ ਨਾਲ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਅਤੇ ਰੋਜ਼ਾਨਾ ਕਸਰਤ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ,ਉੱਥੇ ਹੀ ਕੌਮਾਂਤਰੀ ਯੋਗ ਦਿਵਸ ਮੌਕੇ ਵੀ ਆਨਲਾਈਨ ਸਮਾਗਮ ਕੀਤੇ ਗਏ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਕੋਰੋਨਾ ਤੋਂ ਬਚਾਅ ਸੰਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਆਨਲਾਈਨ ਤਰੀਕੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਪੋ ਆਪਣੇ ਘਰਾਂ ਵਿੱਚ ਹੀ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਵੱਲੋਂ ਘਰਾਂ ਵਿੱਚ ਕੀਤੇ ਯੋਗ ਦੀਆਂ ਤਸਵੀਰਾਂ ਅਤੇ ਵੀਡੀਓ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ, ਉੱਥੇ ਹੀ ਬਹੁਤ ਸਾਰੇ ਸਕੂਲਾਂ ਵੱਲੋਂ ਆਨਲਾਈਨ ਤਰੀਕੇ ਇਕੱਤਰ ਹੋ ਕੇ ਵੀ ਯੋਗ ਕੀਤਾ ਗਿਆ।
ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਨਲਾਈਨ ਯੋਗ ਸਮਾਗਮਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਅਰੋਗਤਾ ਪੱਖੋਂ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਦਿਵਸ ਨੂੰ ਸਮਰਪਿਤ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਵੱਡੀ ਪੱਧਰ ‘ਤੇ ਇਸ ਪ੍ਰੋਗਰਾਮ ਨਾਲ ਜੁੜ ਕੇ ਵੀ ਯੋਗ ਕੀਤਾ ਗਿਆ। ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਯੋਜਿਤ ਆਨਲਾਈਨ ਯੋਗ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਯੋਗ ਕੀਤਾ ਗਿਆ।
ਕੌਮਾਤਰੀ ਯੋਗ ਦਿਵਸ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਯੋਗ ਕਰਦੇ ਹੋਏ।