ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 19 ਅਗਸਤ 2021 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਪ੍ਰੋਗਰਾਮ ਉਲੀਕਣ ਦੇ ਆਦੇਸ਼ ਦਿੱਤੇ। ਇਸੇ ਤਰਾਂ ਉਨਾਂ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨਾਂ ਜ਼ਿਲੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਉਨਾਂ ਸਿਹਤ, ਸਿੱਖਿਆ, ਪੁਲਿਸ, ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਡੀ. ਐਸ. ਪੀ ਲਖਵੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ, ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ, ਤਹਿਸੀਲ ਹੈੱਡ ਜੀ. ਓ. ਜੀ ਕੈਪਟਨ ਸਤਪਾਲ ਸਿੰਘ, ਕੋਚ ਮਲਕੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਤੇ ਹੋਰ ਅਧਿਕਾਰੀ।