ਮਲੇਰੀਆ ਦੀ ਰੋਕਥਾਮ ਲਈ ਮੱਛਰਾਂ ਦੀ ਪੈਦਾਇਸ਼ ਰੋਕਣੀ ਜ਼ਰੂਰੀ : ਡਾ ਗੁਰਦੀਪ ਸਿੰਘ ਕਪੂਰ

ਜ਼ੀਰੋ ਮਲੇਰੀਆ ਦੇ ਟੀਚੇ ਵੱਲ ਵੱਧਦੇ ਕਦਮ’ ਸਿਰਲੇਖ ਤਹਿਤ ਜਾਗਰੂਕਤਾ ਪੋਸਟਰ ਰਿਲੀਜ਼
ਨਵਾਂਸ਼ਹਿਰ, 8 ਜੂਨ 2021  ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਰਾਸ਼ਟਰੀ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ‘ਜ਼ੀਰੋ ਮਲੇਰੀਆ ਦੇ ਟੀਚੇ ਵੱਲ ਵੱਧਦੇ ਕਦਮ’ ਸਿਰਲੇਖ ਅਧੀਨ ਐਂਟੀ ਮਲੇਰੀਆ ਮਹੀਨਾ ਜੂਨ-2021 ਤਹਿਤ ਸਿਵਲ ਸਰਜਨ ਦਫਤਰ ਵਿਖੇ ਅੱਜ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ।
ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2021 ਤੱਕ ਸੂਬੇ ਨੂੰ ਮਲੇਰੀਆ ਮੁਕਤ ਕਰਨ ਦਾ ਟੀਚਾ ਮਿਿਥਆ ਹੈ। ਇਸ ਟੀਚੇ ਨੂੰ ਸਰ ਕਰਨ ਲਈ ਸਿਹਤ ਵਿਭਾਗ ਵੱਲੋਂ ਢੱੁਕਵੇਂ ਕਦਮ ਉਠਾਏ ਜਾ ਰਹੇ ਹਨ, ਜਿਸ ਵਿਚ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਸਖਤ ਜ਼ਰੂਰਤ ਹੈ। ਮਲੇਰੀਆ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜ਼ਿਆਦਾ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਇਕ ਵਾਇਰਲ ਬੁਖਾਰ ਹੈ, ਜੋ ਮਾਦਾ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਦੇ ਲੱਛਣ ਤੇਜ਼ ਸਿਰਦਰਦ ਅਤੇ ਕਾਂਬੇ ਨਾਲ ਤੇਜ਼ ਬੁਖਾਰ, ਮਾਸ ਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਉੱਲਟੀਆਂ, ਨੱਕ ਮੰੂਹ ਅਤੇ ਮਸੂੜਿਆਂ ਵਿਚੋਂ ਖੂਨ ਵਗਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਪਸੀਨਾ ਆਉਣਾ ਆਦਿ ਹਨ।
ਡਾ. ਕਪੂਰ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ੀਰੋ ਮਲੇਰੀਆ ਟੀਚੇ ਨੂੰ ਹਾਸਿਲ ਕਰਨ ਲਈ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਮਲੇਰੀਆ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਆਪਣੇ ਘਰਾਂ ‘ਚ ਤੇੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਮੁਫਤ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਹੋਣ ਨਾਲ ਮਲੇਰੀਆ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਮਿਊਨਿਟੀ ਦੀ ਸਰਗਰਮ ਭਾਗੀਦਾਰੀ ਨਾਲ ਸੂਬਾ ਮਲੇਰੀਆ ਖਾਤਮੇ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਜਲਦ ਯੋਗ ਹੋ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ, ਪੀਏ ਅਜੇ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।