ਬਰਨਾਲਾ, 4 ਨਵੰਬਰ
ਸਿਹਤ ਮੰਤਰੀ ਸ. ਬਲਬੀਰ ਸਿੱਧੂ ਦੇ ਹੁਕਮਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਸੁਖਜੀਵਨ ਕੱਕੜ ਦੀ ਅਗਵਾਈ ਵਿੱਚ ਸਿਹਤ ਵਿਭਾਗ ਬਰਨਾਲਾ ਵੱਲੋਂ ਗੈਰ-ਸੰਚਾਰਿਤ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਵੱਲੋਂ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਖੇਤਰ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਲੜੀ ਤਹਿਤ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਚਲਾਈ ਇਹ ਜਾਗਰੂਕਤਾ ਵੈਨ ਜ਼ਿਲ੍ਹਾ ਬਰਨਾਲਾ ਵਿੱਚ ਦੋ ਦਿਨ ਪਿੰਡ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰੇਗੀ ਅਤੇ ਆਪਣੇ ਅਗਲੇ ਪੜਾਅ ’ਤੇ ਰਵਾਨਾ ਹੋ ਜਾਵੇਗੀ।
ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ “ਨੈਸ਼ਨਲ ਪ੍ਰੋਗਰਾਮ ਫਾਰ ਦਿ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ ਕੈਂਸਰ, ਡਾਇਬਟੀਜ਼, ਕਾਰਡੀਓ ਵਸਕੁਲਰ ਡਿਜ਼ੀਜ਼ ਐਂਡ ਸਟਰੋਕ”ਪ੍ਰੋਗਰਾਮ ਤਹਿਤ ਇਸ ਜਾਗਰੂਕਤਾ ਵੈਨ ਵਿੱਚ ਆਡੀਓ-ਵੀਡੀਓ ਸਿਸਟਮ ਤੇ ਹੋਰ ਲੋੜੀਂਦੀ ਜਾਗਰੂਕਤਾ ਸਮੱਗਰੀ ਪ੍ਰਕਾਸ਼ਿਤ ਕੀਤੀ ਗਈ ਹੈ ਜੋ ਕਿ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੋਰੋਨਾ ਮਹਾਂਮਾਰੀ ਦੇ ਦਿਸ਼ਾ-ਨਿਰਦੇਸ਼ਾਂ ਦਾ ਖਾਸ ਖਿਆਲ ਰੱਖਦਿਆਂ ਲੋਕਾਂ ਨੂੰ ਗੈਰ-ਸੰਚਾਰਿਤ ਬਿਮਾਰੀਆਂ ਜਿਵੇਂ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਅਧਰੰਗ, ਕੈਂਸਰ ਆਦਿ ਬਾਰੇ ਜਾਗਰੂਕ ਕਰੇਗੀ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਇਸ ਜਾਗਰੂਕਤਾ ਵੈਨ ਨੂੰ ਪਿੰਡ ਪੱਧਰ ਤੱਕ ਲੈ ਕੇ ਜਾਵੇਗਾ। ਇਸ ਵੈਨ ਨੂੰ ਰਵਾਨਾ ਕਰਨ ਮੌਕੇ ਡਾ. ਭੁਪਿੰਦਰ ਸਿੰਘ ਜ਼ਿਲ੍ਹਾ ਟੀਕਾਕਰਣ ਅਫਸਰ, ਡਾ. ਤਪਿੰਦਰ ਜੋਤ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ, ਡਾ. ਮਨਪ੍ਰੀਤ ਸਿੱਧੂ ਮੈਡੀਸਨ ਸਪੈਸ਼ਲਿਸਟ, ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਆਦਿ ਸਿਹਤ ਕਰਮੀ ਹਾਜ਼ਰ ਸਨ।

English





