ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਜ਼ਿਲ੍ਹੇ ਦਾ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਦਰ ਵਿੱਚ ਆਈ ਕਮੀ-ਡਿਪਟੀ ਕਮਿਸ਼ਨਰ

ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ ਟੀਕਾਕਰਨ ਦਾ ਸੈਸ਼ਨ ਛੇਤੀ ਸ਼ੁਰੂ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਵਿਸ਼ੇਸ ਮੀਟਿੰਗ
ਤਰਨ ਤਾਰਨ, 10 ਜੂਨ 2021
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਅਤੇ ਡਾ. ਵਰਿੰਦਰ ਕੌਰ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ ਟੀਕਾਕਰਨ ਦਾ ਸੈਸ਼ਨ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ ਤਾਂ ਜੋ ਕਿ ਵੈਕਸੀਨ ਦਾ ਤਾਪਮਾਨ ਠੀਕ ਰਹਿ ਸਕੇ । ਇਸ ਦੇ ਨਾਲ ਹੀ ਸਾਰੇ ਕੋਲਡ ਚੈਨ ਪੁਆਇੰਟ ਦਾ ਤਾਪਮਾਨ ਵੀ ਬਰਕਰਾਰ ਰੱਖਿਆ ਜਾਵੇ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਦਰ ਵਿੱਚ ਕਮੀ ਆ ਰਹੀ ਹੈ ।ਉਹਨਾਂ ਕਿਹਾ ਕਿ ਫਿਰ ਵੀ ਸਾਨੂ ਅਜੇ ਅਵੇਸਲੇ ਨਹੀਂ ਪੈਣਾ ਚਾਹੀਦਾ, ਸਗੋਂ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜੇਕਰ ਕੋਈ ਵੀ ਵਿਅਕਤੀ ਕੋਰੋਨਾ ਪਾਜ਼ੇਟਿਵ ਆਉਂਦਾ ਹੈ ਤਾਂ ਉਸੀ ਸਮੇਂ ਰੈਪਿਡ ਰਿਸਪੌਂਸ ਟੀਮ ਵੱਲੋਂ ਉਸ ਪਾਜ਼ੇਟਿਵ ਮਰੀਜ਼ ਦੇ ਸੰਪਰਕ ਟਰੇਸ ਕਰਕੇ ਉਨ੍ਹਾਂ ਦੇ ਟੈੱਸਟ ਕਰਵਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਸੁਚੇਤ ਕੀਤਾ ਜਾਵੇ ਅਤੇ ਜਾਗਰੂਕਤਾ ਮਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਟੈੱਸਟ ਕਰਵਾਉਣ ਤੇ ਵੈਕਸੀਨ ਲਗਵਾਉਣ ਲਈ ਪੇ੍ਰਰਿਤ ਕੀਤਾ ਜਾਵੇ ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਤੋਂ ਬਚਣ ਵਾਸਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਦੀ ਸਹੀ ਤਰ੍ਹਾਂ ਵਰਤੋਂ, ਹੱਥਾਂ ਦੀ ਚੰਗੀ ਤਰ੍ਹਾਂ ਸਫਾਈ ਅਤੇ ਆਪਸੀ ਦੂਰੀ ਦੋ ਗਜ਼ ਦੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਨੂੰ ਕਾਬੂ ਕਰਨ ਲਈ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਨਿਰਧਾਰਿਤ ਵਰਗਾਂ ਦੇ ਲੋਕ ਵੱਧ ਤੋਂ ਵੱਧ ਵੈਕਸੀਨ ਲਗਵਾਉਣ ਤਾਂ ਜੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।