ਵਿਦਿਆਰਥੀਆਂ ਨੂੰ ਸਹੀ ਕਿੱਤੇ ਦੀ ਚੋਣ ਲਈ ਮੁਹੱਈਆ ਕਰਵਾਇਆ ਜਾਵੇਗਾ ਮਾਰਗ ਦਰਸ਼ਨ

ਵਿਦਿਆਰਥੀਆਂ ਨੂੰ ਸਹੀ ਕਿੱਤੇ ਦੀ ਚੋਣ ਲਈ ਮੁਹੱਈਆ ਕਰਵਾਇਆ ਜਾਵੇਗਾ ਮਾਰਗ ਦਰਸ਼ਨ

—ਡਿਪਟੀ ਕਮਿਸ਼ਨਰ ਵੱਲੋਂ ਸਪਾਰਕ ਮੇਲੇ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਗਠਿਤ, ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ

—-ਮੈਰਾਥਨ ਨਾਲ ਹੋਵੇਗਾ ਸਪਾਰਕ ਮੇਲੇ ਦਾ ਆਗਾਜ਼

ਜਲੰਧਰ, 31 ਅਕਤੂਬਰ:

ਵਿਦਿਆਰਥੀਆਂ ਨੂੰ ਸਹੀ ਕਿੱਤੇ ਦੀ ਚੋਣ ਲਈ ਮਾਰਗ ਦਰਸ਼ਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਅਤੇ 11 ਨਵੰਬਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਦੋ ਦਿਨਾ ਸਪਾਰਕ ਮੇਲਾ-2022 ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵੱਲੋਂ 75 ਤੋਂ ਜ਼ਿਆਦਾ ਸਟਾਲ ਲਗਾਏ ਜਾਣਗੇ, ਜਿਥੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਤੇ ਵੱਖ-ਵੱਖ ਕਿੱਤਿਆਂ ਸਬੰਧੀ ਅਗਵਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿੱਤਾ ਮਾਹਰਾਂ ਵੱਲੋਂ ਕੈਰੀਅਰ ਕਾਊਂਸਿੰਲ ਤੋਂ ਇਲਾਵਾ ਮੇਲੇ ਵਿੱਚ ਕਰਾਟੇ ਸ਼ੋਅ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

ਜਸਪ੍ਰੀਤ ਸਿੰਘ ਨੇ ਕਿਹਾ ਕਿ ਸਪਾਰਕ ਮੇਲਾ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਖਾਸ ਕਰ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੈਰੀਅਰ ਕਾਊਂਸਲਿੰਗ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਰਕਾਰ ਵੱਲੋਂ ਸਵੈ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਵੀ ਜਾਣੂ ਕਰਵਾਇਆ ਜਾਵੇਗਾ।

ਅਧਿਕਾਰੀਆਂ ਨੂੰ ਸਪਾਰਕ ਮੇਲੇ ਸਬੰਧੀ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਸਬੰਧੀ ਸਮੁੱਚੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਏ ਜਾਣ ਤਾਂ ਜੋ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਮੇਲੇ ਦੇ ਬੰਦੋਬਸਤ ਲਈ ਵੱਖ-ਵੱਖ ਕਮੇਟੀਆਂ ਦੇ ਗਠਨ ਉਪਰੰਤ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਿੱਦਿਅਕ ਸੰਸਥਾਵਾਂ ਤੇ ਬੈਂਕਾਂ ਦੇ ਨੁਮਾਇੰਦੇ ਮੌਜੂਦ ਸਨ।

 ਮੈਰਾਥਨ ਨਾਲ ਹੋਵੇਗੀ ਸਪਾਰਕ ਮੇਲੇ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਪਾਰਕ ਮੇਲੇ ਦਾ ਆਗਾਜ਼ ਮੈਰਾਥਨ ਨਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ ਸਵੇਰੇ 6 ਵਜੇ ਤੰਦਰੁਸਤੀ ਦੇ ਸੁਨੇਹੇ ਨਾਲ ਸਥਾਨਕ ਗੁਰੂ ਗੋਬਿੰਦ ਸਟੇਡੀਅਮ ਤੋਂ ਮੈਰਾਥਨ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਵੇਗਾ।