ਕੈਬਨਿਟ ਮੰਤਰੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
ਹੁਸ਼ਿਆਰਪੁਰ, 2 ਅਕਤੂਬਰ:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 151ਵੇਂ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅਹਿੰਸਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਦੇਣ ਵਾਲੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਮਾਜ ਨੂੰ ਹਮੇਸ਼ਾਂ ਪਿਆਰ ਅਤੇ ਆਪਸੀ ਭਾਈਚਾਰੇ ਦਾ ਪਾਠ ਪੜਾਇਆ ਹੈ ਅਤੇ ਉਨ੍ਹਾਂ ਦੇ ਇਸ ਫਲਸਫੇ ’ਤੇ ਚੱਲਦਿਆਂ ਅਸੀਂ ਇਕ ਆਦਰਸ਼ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। ਇਸ ਦੌਰਾਨ ਸਾਬਕਾ ਪ੍ਰਧਾਨ ਲਾਲ ਬਹਾਦਰ ਸ਼ਾਸਤਰੀ ਨੂੰ ਵੀ ਯਾਦ ਕਰਦਿਆਂ ਉਨ੍ਹਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।
ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਤਮਾ ਗਾਂਧੀ ਨੂੰ ਆਪਣਾ ਆਦਰਸ਼ ਮੰਨਦੇ ਹੋਏ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਦੇ ਹੋਏ ਸੂਬੇ ਦਾ ਸਰਬਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਮੰਗ ਹੈ ਕਿ ਅਸੀਂ ਉਨ੍ਹਾਂ ਦੇ ਦੱਸੇ ਹੋਏ ਸਮਾਜਿਕ ਬਰਾਬਰਤਾ ਦੇ ਰਸਤੇ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਸਾਡੀ ਵਿਰਾਸਤ ਹਨ ਅਤੇ ਉਨ੍ਹਾਂ ਦਾ ਪੂਰਾ ਜੀਵਨ ਹਰੇਕ ਹਿੰਦੁਸਤਾਨੀ ਲਈ ਇਕ ਪ੍ਰੇਰਨਾ ਸਰੋਤ ਹੈ। ਅੱਜ ਰਾਸ਼ਟਰ ਪਿਤਾ ਜੀ ਦੀ ਜੈਅੰਤੀ ’ਤੇ ਪੰਜਾਬ ਸਰਕਾਰ ਨੇ ਜਨ ਸੇਵਾ ਦਾ ਸੰਕਲਪ ਲੈਂਦੇ ਹੋਏ ਪਿੰਡਾਂ ਦੇ ਨੌਜਵਾਨਾਂ ਲਈ ਸਟੇਡੀਅਮਾਂ ਦਾ ਨਿਰਮਾਣ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਰਜਨੀਸ਼ ਟੰਡਨ ਵੀ ਮੌਜੂਦ ਸਨ।

English





