ਐਸ.ਡੀ.ਐਮ. ਨੇ ਅਨਾਜ ਮੰਡੀ ਰੂਪਨਗਰ ਵਿਖੇ ਝੋਨੇ ਦੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

— ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਕੀਤੀ ਅਧਿਕਾਰੀਆ ਨਾਲ ਮੀਟਿੰਗ
ਰੂਪਨਗਰ, 10 ਅਕਤੂਬਰ:
ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਰੂਪਨਗਰ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਫਸਲ ਦੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸੰਬੰਧੀ ਉਨ੍ਹਾਂ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਅਧਿਕਾਰੀਆ ਨਾਲ ਮੀਟਿੰਗ ਵੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਨਿਰਵਿਘਨ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਸਬੰਧਤ ਵਰਗ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਰਵਿਘਨ ਖਰੀਦ ਦੇ ਨਾਲ-ਨਾਲ ਲਿਫਟਿੰਗ ਦਾ ਕੰਮ ਵੀ ਜਾਰੀ ਹੈ।
ਇਸ ਮੌਕੇ ਉਨ੍ਹਾਂ ਮੰਡੀ ਵਿੱਚ ਮੋਜ਼ੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁੱਕਿਆ ਝੋਨਾ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਅਪੀਲ ਕੀਤੀ।