ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ’ਚ ਨਾ ਵਰਤੀ ਜਾਵੇ ਢਿੱਲ : ਅਮਿੱਤ ਕੁਮਾਰ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸੈਕਟਰੀ ਨੇ ਦੌਰਾ ਕਰਕੇ ਕਰੋਨਾ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਿਹਾ, ਵਿਸ਼ੇਸ਼ ਕੈਂਪਾਂ ਦੌਰਾਨ ਦੂਸਰੀ ਡੋਜ਼ ਲਗਾਉਣੀ ਵੀ ਬਣਾਈ ਜਾਵੇ ਯਕੀਨੀ
ਫ਼ਤਿਹ ਤੇ ਫੂਡ ਕਿੱਟਾਂ ਤੋਂ ਲੋੜਵੰਦਾਂ ਨੂੰ ਨਾ ਰਹਿਣ ਦਿੱਤਾ ਜਾਵੇ ਵਾਂਝਾ
#ਬਠਿੰਡਾ, 13 ਮਈ , 2021 : ਸਿਹਤ ਤੇ ਪਰਿਵਾਰ ਭਲਾਈ, ਵਿਭਾਗ ਦੇ ਸੈਕਟਰੀ ਸ੍ਰੀ ਅਮਿਤ ਕੁਮਾਰ ਵੱਲੋਂ ਵੀਰਵਾਰ ਨੂੰ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਥੋਂ ਦਾ ਦੌਰਾ ਕਰਕੇ ਕਰੋਨਾ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਕੇ ਜ਼ਿਲੇ ਅੰਦਰ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਬੈਠਕ ਦੌਰਾਨ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਦੇ ਸੈਕਟਰੀ ਸ੍ਰੀ ਅਮਿਤ ਕੁਮਾਰ ਨੇ ਜ਼ਿਲੇ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਸਥਾਪਿਤ ਕੀਤੇ ਗਏ ਲੈਵਲ 2 ਤੇ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਤੋਂ ਇਲਾਵਾ ਰੋਜ਼ਾਨਾ ਕੀਤੀ ਜਾਣ ਵਾਲੀ ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ਅਤੇ ਆਕਸੀਜ਼ਨ ਗੈਸ ਸਿੰਲਡਰਾਂ ਦੀ ਮੌਜੂਦਾ ਸਥਿਤੀ ਨੂੰ ਵਾਚਿਆ।
ਇਸ ਮੌਕੇ ਸੈਕਟਰੀ ਸ਼੍ਰੀ ਅਮਿੱਤ ਕੁਮਾਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਵੀ ਕਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਚ ਹੋਰ ਤੇਜ਼ੀ ਲਿਆਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਮਹਾਂਮਾਰੀ ਨੂੰ ਠੱਲ੍ਹ ਪਾ ਕੇ ਇਸ ਦੇ ਪ੍ਰਕੋਪ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਪਹਿਲੀ ਕਰੋਨਾ ਡੋਜ਼ ਦੌਰਾਨ ਵਿਸ਼ੇਸ਼ ਕੈਂਪ ਲਗਾਏ ਗਏ ਸਨ ਉਸੇ ਤਰ੍ਹਾਂ ਦੂਸਰੀ ਕਰੋਨਾ ਡੋਜ਼ ਲਈ ਵੀ ਕੈਂਪ ਲਗਾਤਾਰ ਜਾਰੀ ਰੱਖੇ ਜਾਣ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਤਾਕੀਦ ਕੀਤੀ ਕਿ ਜ਼ਿਲ੍ਹੇ ਅੰਦਰ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋੜਵੰਦ ਕਰੋਨਾ ਪ੍ਰਭਾਵਿਤ ਮਰੀਜ਼ਾ ਦੇ ਘਰਾਂ ਤੱਕ ਫ਼ਤਿਹ ਤੇ ਫ਼ੂਡ ਕਿੱਟਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
ਇਸ ਦੌਰਾਨ ਸ਼੍ਰੀ ਅਮਿਤ ਕੁਮਾਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਇਸ ਵਿੱਚ ਕਿਸੇ ਤਰਾਂ ਦੀ ਢਿੱਲ ਮੱਠ ਨਾ ਵਰਤੀ ਜਾਵੇ, ਕਿਉਂਕਿ ਇਸ ਵਿੱਚ ਕੀਤੀ ਗਈ ਦੇਰੀ ਜ਼ਿਅਦਾ ਖ਼ਤਰਨਾਕ ਸਿੱਧ ਹੋ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲਾ, ਸ਼੍ਰੀ ਬਬਨਦੀਪ ਸਿੰਘ ਵਾਲੀਆ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡਾਟਾ ਸੈੱਲ ਦੇ ਇੰਚਾਰਜ ਸ਼੍ਰੀ ਨਵੀਨ ਗਡਵਾਲ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।