ਪਟਿਆਲਾ, 3 ਅਕਤੂਬਰ:
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਹਿਕਾਰੀ ਸਭਾਵਾਂ ਪਟਿਆਲਾ ਵੱਲੋਂ ਪਿੰਡ ਖੇੜੀ ਮਾਨੀਆਂ, ਫਤਿਹਪੁਰ, ਲਲੋਛੀ ਤੇ ਗੱਜੂਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ. ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ‘ਚ ਕਿਸਾਨਾਂ, ਖੇਤੀਬਾੜੀ ਸਭਾਵਾਂ ਦੇ ਸਕੱਤਰ ਅਤੇ ਮੈਂਬਰਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾਂਦੇ ਖੇਤੀਬਾੜੀ ਸੰਦਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਸਬੰਧੀ ਮਾਹਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਇਸ ਨਾਲ ਜਿੱਥੇ ਮਨੁੱਖੀ ਸਿਹਤ ਨੂੰ ਬਿਮਾਰੀਆਂ ਲੱਗਦੀਆਂ ਹਨ, ਉਥੇ ਹੀ ਮਿੱਤਰ ਕੀੜੇ ਮਰ ਜਾਂਦੇ ਹਨ ਤੇ ਪਸ਼ੂ ਪੰਛੀਆਂ ਸਮੇਤ ਜਮੀਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਜਦੋਂਕਿ ਸਰਕਾਰ ਵਲੋਂ ਖੇਤੀ ਸੰਦਾਂ ‘ਤੇ ਦਿੱਤੀ ਜਾ ਰਹੀ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋ ਬਚਿਆ ਜਾ ਸਕੇ।
ਇਸ ਮੌਕੇ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਸਮੇਤ ਸਮੂਹ ਕਮੇਟੀ ਮੈਂਬਰਾਂ ਤੇ ਇਲਾਕੇ ਦੇ ਕਿਸਾਨਾਂ ਸਮੇਤ ਹੋਰ ਪਤਵੰਤੇ ਸੱਜਣਾ ਨੇ ਹਿੱਸਾ ਲਿਆ।

English






