— ਟੀਮ ਵਲੋਂ ਪੰਜਾਬ ਸਰਕਾਰ ਦੁਆਰਾ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਪੇਸ਼ ਕੀਤੀ ਜਾਵੇਗੀ
ਰੂਪਨਗਰ, 10 ਨਵੰਬਰ:
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਫਲਾਇੰਗ ਸੁਕੈਡ ਟੀਮ ਨੇ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਦੇ ਨਿਰੀਖਣ ਲਈ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ।
ਇਸ ਕੇਂਦਰੀ ਟੀਮ ਦੀ ਅਗਵਾਈ ਸਾਇੰਟਿਸਟ ਰਿਜਨਲ ਡਾਇਰੈਕਟੋਰੇਟ ਚੰਡੀਗੜ੍ਹ ਜਗਦੀਸ਼ ਮੀਨਾ ਵਲੋਂ ਕੀਤੀ ਗਈ ਅਤੇ ਜਿਸ ਦੌਰਾਨ ਇਨ੍ਹਾਂ ਵਲੋਂ ਪਿੰਡ ਬਾਲਸੰਡਾ ਤੇ ਮੋਹਨ ਮਾਜਰਾ ਵਿਖੇ ਪਿੰਡ ਪੱਧਰ ਉਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਅਤੇ ਖੇਤੀਬਾੜੀ ਅਫਸਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦਾ ਵੇਰਵਿਆਂ ਸਹਿਤ ਮੁਲਾਂਕਣ ਕੀਤਾ ਗਿਆ ਕਿ ਕਿਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਪੰਜਾਬ ਸਰਕਾਰ ਦੇ ਅਫਸਰਾਂ ਵਲੋਂ ਟੀਮ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਕਣਕ ਦੀ ਸਿੱਧੀ ਬਿਜਾਈ ਕਰ ਸਕਣ।
ਇਸ ਦੌਰੇ ਤੋਂ ਪਹਿਲਾਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਖਾਸ ਮੀਟਿੰਗ ਵੀ ਕੀਤੀ ਗਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਨੇ ਟੀਮ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਵਲੋਂ ਹਰ ਪਿੰਡ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪ੍ਰਦੂਸ਼ਣ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਪਰਾਲੀ ਦੇ ਪ੍ਰਬੰਧਨ ਲਈ ਹਰ ਪੱਧਰ ਉਤੇ ਮੱਦਦ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਂਦਰੀ ਟੀਮ ਵਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਕੇਂਦਰ ਸਰਕਾਰ ਨੂੰ ਰਿਪੋਰਟ ਪੇਸ਼ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਰਾਲੀ ਦੇ ਪ੍ਰਬੰਧਨ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ।
ਇਸ ਮੌਕੇ ਸਾਇੰਟੀਫਿਕ ਅਸਿਸਟੈਂਟ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਭਾਰਤ ਸਰਕਾਰ ਪ੍ਰਦੀਪ ਕੁਮਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਚਰਨਜੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

English






