ਬਟਾਲਾ, 20 ਅਗਸਤ 2021 ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਨੂੰ ਰੋਕਣ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ ਅਤੇ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਵੈਕਸੀਨ ਲਗਵਾਉਣ ਵਿੱਚ ਅਣਗਹਿਲੀ ਨਹੀਂ ਕਰਨੀ ਚਾਹੀਦੀ। ਲੋਕਾਂ ਨੂੰ ਵੈਕਸੀਨ ਲਗਾਉਣ ਦੀ ਅਪੀਲ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਹਰਪਾਲ ਸਿੰਘ ਨੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ, ਅਸੀਂ ਤੀਜੀ ਲਹਿਰ ਨੂੰ ਰੋਕਣ ਦੇ ਯੋਗ ਹੋਵਾਂਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਟਾਲਾ ਸ਼ਹਿਰ ਵਿੱਚ ਹਰ ਰੋਜ਼ ਵੈਕਸੀਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ, ਜਿਵੇਂ ਕਿ ਮਾਸਕ ਪਾਉਣਾ ਹੱਥ ਧੋਣਾ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰਨਾ ਅਤੇ ਸਮਾਜਕ ਦੂਰੀ ਬਣਾਈ ਰੱਖਣਾ।
ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਰੋਜ਼ਾਨਾ ਕੋਵਿਡ ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਵੀ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਖੰਘ, ਬੁਖਾਰ, ਗਲੇ ਵਿੱਚ ਖਰਾਸ਼, ਸੁਆਦ ਦੀ ਕਮੀ, ਬਦਬੂ ਦੀ ਭਾਵਨਾ, ਸਾਹ ਲੈਣ ਵਿੱਚ ਮੁਸ਼ਕਲ ਆਦਿ ਲੱਛਣ ਹੋਣ ਤਾਂ ਤੁਰੰਤ ਕੋਵਿਡ-19 ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇੱਕ ਤਾਂ ਬਿਮਾਰੀ ਦਾ ਜਲਦੀ ਪਤਾ ਲੱਗਣ ’ਤੇ ਉਸਦਾ ਇਲਾਜ ਕੀਤਾ ਜਾ ਸਕਦਾ ਹੈ ਦੂਸਰਾ ਪਾਜਟਿਵ ਵਿਅਕਤੀ ਨੂੰ ਇਕਾਂਤਵਾਸ ਕਰਕੇ ਕੋਰੋਨਾ ਸੰਕਰਮਣ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

English






