ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸਾਵਧਾਨੀਆਂ ਨਾਲ ਅੱਗੇ ਵਧਣ ਦੀ ਜ਼ਰੂਰਤ: ਡਾ ਗੁਰਦੀਪ ਸਿੰਘ ਕਪੂਰ

ਜ਼ਿਲ੍ਹੇ ਵਿਚ ਅੱਜ 2645 ਯੋਗ ਵਿਅਕਤੀਆਂ ਨੂੰ ਲਗਾਏ ਗਏ ਟੀਕੇ
ਨਵਾਂਸ਼ਹਿਰ, 7 ਮਈ 2021 ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਦੀਆਂ ਵੱਖ-ਵੱਖ ਵੈਕਸੀਨੇਸ਼ਨ ਟੀਮਾਂ ਨੇ ਜ਼ਿਲ੍ਹੇ ਵਿੱਚ ਅੱਜ 2645 ਯੋਗ ਲਾਭਪਾਤਰੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਦੀਆਂ ਕੁੱਲ 114914 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਕੋਵਿਡ-19 ਅਤੇ ਕੋਵਿਡ ਰੋਕੂ ਟੀਕਾਕਰਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏੇ ਦੱਸਿਆ ਕਿ ਕੋਰੋਨਾ ਬਿਮਾਰੀ ਦੀ ਦੂਜੀ ਲਹਿਰ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਯੋਗ ਵਿਅਕਤੀ ਨੂੰ ਕਰੋਨਾ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ, ਜੋ ਕਿ ਬਿਲਕੁੱਲ ਸੁਰੱਖਿਅਤ ਹੈ। ਇਸ ਵੈਕਸੀਨ ਦਾ ਲਾਭ ਵੱਡੀ ਗਿਣਤੀ ਨਾਗਰਿਕ ਲੈ ਚੁੱਕੇ ਹਨ ਅਤੇ ਕਿਸੇ ਨੂੰ ਵੀ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਾਨੂੰ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸਾਵਧਾਨੀਆਂ ਨਾਲ ਅੱਗੇ ਵਧਣ ਦੀ ਜ਼ਰੂਰਤ ਹੈ।
ਜ਼ਿਲ੍ਹੇ ਵਿਚ ਹੁਣ ਕੁੱਲ 53 ਟੀਕਾਕਰਨ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਵਿਚ ਰੋਜ਼ਾਨਾ ਔਸਤਨ 3000 ਤੱਕ ਟੀਕੇ ਲਗਾਏ ਜਾ ਰਹੇ ਹਨ। ਡਾ. ਕਪੂਰ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾ ਮੁਹਿੰਮ ਚਲਾਈ ਜਾ ਰਹੀ ਹੈ।