ਸੁਸ਼ਾਸਨ ਹਫਤੇ ਤਹਿਤ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ
ਸਰਕਾਰੀ ਹਸਪਤਾਲਾਂ, ਆਂਗਣਵਾੜੀ ਕੇਂਦਰਾਂ, ਸਕੂਲਾਂ, ਕਾਲਜਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ ਗਤੀਵਿਧੀਆਂ
ਬਰਨਾਲਾ, 20 ਦਸੰਬਰ 2024
ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ 19 ਦਸੰਬਰ ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਜ਼ਿਲ੍ਹਾ ਬਰਨਾਲਾ ‘ਚ ਵੱਖ ਵੱਖ ਥਾਵਾਂ ‘ਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੀ ਵੈਬਸਾਈਟ ਕੰਨੇਕਟ ਪੰਜਾਬ ਬਾਰੇ ਦੱਸਿਆ ਗਿਆ ਜਿਸ ਰਾਹੀਂ ਸਰਕਾਰੀ ਸਕੀਮਾਂ ਦਾ ਲਾਹਾ ਲਿਆ ਜਾ ਸਕਦਾ ਹੈ। ਨਾਲ ਹੀ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਵੀ ਜਾਣਕਾਰੀ ਗਈ। ਇਸ ਜਾਗਰੂਕਤਾ ਮੁਹਿੰਮ ਤਹਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੱਸਿਆ ਗਿਆ ਕਿ ਸਮਾਂ ਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਾ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਾਰਨ ਪਵੇ।
ਸਿਵਲ ਹਸਪਤਾਲ ਬਰਨਾਲਾ ਵਿਖੇ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਵੱਲੋਂ ਜੱਚਾ-ਬੱਚਾ ਵਿੰਗ ਤੋਂ ਇਸ ਹਫਤੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਨਵ-ਜਨਮੇ ਬੱਚਿਆਂ ਦੇ ਟੀਕਾਕਰਨ ਕਰਾਉਣ ਆਈਆਂ ਮਾਵਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਹੂਲਤਾਂ ਦੇਣ ਲਈ ਇਸ ਹਫਤੇ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ‘ਚ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਡਾ. ਅਮੋਲਦੀਪ ਕੌਰ ਇੰਚਾ. ਐਸ ਐਮ ਓ ਬਰਨਾਲਾ, ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ 43 ਸਰਕਾਰੀ ਸੇਵਾਵਾਂ ਚੋਂ ਸਿਹਤ ਵਿਭਾਗ ਨਾਲ ਸਬੰਧਿਤ ਸੇਵਾਵਾਂ ਦਾ ਲਾਭ ਲੈਣ ਲਈ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਸਮਾਂ ਨਿਸ਼ਚਿਤ ਕਰਕੇ ਸੇਵਾ ਦਾ ਲਾਭ ਲਿਆ ਜਾ ਸਕਦਾ ਹੈ। ਇਸ ਸਮੇਂ ਸਤਨਾਮ ਕੌਰ ਐਲ ਐਚ ਵੀ, ਮਨਜੀਤ ਕੌਰ ਸਟਾਫ ਟੀਕਾਕਰਨ ਵਿੰਗ ਅਤੇ ਆਸ਼ਾ ਵਰਕਰਜ ਹਾਜ਼ਰ ਸਨ।
ਨਹਿਰੂ ਯੁਵਾ ਕੇਂਦਰ ਬਰਨਾਲਾ ਅਤੇ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਗੁਡ ਗਵਰਨੈਂਸ ਵੀਕ ਦੇ ਮੌਕੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦੇਸ਼ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਰਕਾਰੀ ਪਹਿਲਕਦਮੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਭਵਿੱਖ ਦੇ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।
ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋ. ਬਲਵਿੰਦਰ ਕੁਮਾਰ ਬਿੱਟੂ ਨੇ ਵਿਸ਼ੇ ਅਤੇ ਉਦੇਸ਼ ਦੀ ਰੂਪ-ਰੇਖਾ ਪੇਸ਼ ਕੀਤੀ। ਉਨ੍ਹਾਂ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਅਤੇ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਨੇ ਨਹਿਰੂ ਯੁਵਾ ਕੇਂਦਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਸ੍ਰੀ ਰਿਸ਼ਵ ਸਿੰਗਲਾ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਦੀ ਰੂਪ ਰੇਖਾ ਦੱਸੀ ਅਤੇ ਭਾਗੀਦਾਰਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਨਹਿਰੂ ਯੁਵਾ ਕੇਂਦਰ ਦੇ ਸ਼੍ਰੀ ਰਿਸ਼ਵ ਸਿੰਗਲਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨ ਸਦਕਾ ਬਣੀ ਮੋਬਾਈਲ ਐਪ “ਪਹੁੰਚ” ਬਾਰੇ ਜਾਣਕਾਰੀ ਦਿਤੀ। ਇੱਕ ਮੋਬਾਈਲ ਐਪ ਜੋ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਰਕਾਰੀ ਪਹਿਲਕਦਮੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ। ਉਨ੍ਹਾਂ ਅਧਿਆਪਕ ਅਤੇ ਸਿਖਿਆਰਥੀਆਂ ਨੂੰ ਇਸ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਆ ਅਤੇ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰੋਗਰਾਮ ਦਫਤਰ ਵੱਲੋਂ ਆਂਗਣਵਾੜੀ ਕੇਂਦਰਾਂ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਬਰਨਾਲਾ ਦੇ ਤਿੰਨੋ ਬਲਾਕਾਂ ਵਿਚ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਦਾ ਤਰੀਕਾ ਦੱਸਿਆ ਗਿਆ ਅਤੇ ਨਾਲ ਹੀ ਆਂਗਣਵਾੜੀ ਕੇਂਦਰਾਂ ‘ਚ ਆਉਣ ਵਾਲੇ ਬੱਚਿਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਵੀ ਦੱਸਿਆ ਗਿਆ।

English






