ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

ਸਮਾਰਟ ਸੀਡਰ, ਸੁਪਰ ਸੀਡਰ, ਸਰਫੈਸ ਸੀਡਰ ਅਤੇ ਹੋਰ ਆਧੁਨਿਕ ਮਸ਼ੀਨਾਂ ਦੀ ਮੱਦਦ ਨਾਲ ਕੀਤੀ ਜਾਵੇ ਕਣਕ ਦੀ ਬਿਜਾਈ

ਫਾਜ਼ਿਲਕਾ, 13 ਨਵੰਬਰ 2024 

ਝੋਨੇ ਦੀ ਵਢਾਈ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਇਸ ਦੇ ਨਾਲ ਕਣਕ ਦੀ ਬਜਾਈ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਜਿਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਦਿੱਤੀ ਹੈ|

ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ ਵਿਭਾਗ ਨਾਲ ਰਲ ਕੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਮਾਰਟ ਸੀਡਰ, ਸੁਪਰ ਸੀਡਰ, ਸਰਫੈਸ ਸੀਡਰ ਆਦਿ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਬਾਰੇ ਟੀਮਾਂ ਵੱਲੋਂ ਕਿਸਾਨਾਂ ਨੂੰ ਪਿੰਡ-ਪਿੰਡ ਪਹੁੰਚ ਕੇ ਜਾਗਰੂਕ ਕੀਤਾ ਜਾ ਰਿਹਾ ਹੈ|

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ।  ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨ ਉੱਨਤ ਐਪ ਤੋਂ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ, ਉਨਾਂ ਦੱਸਿਆ ਇਨ੍ਹਾਂ ਮਸ਼ੀਨਾਂ ਦੀ ਸੂਚਨਾ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ ਕੋਆਪਰੇਟਿਵ ਸੁਸਾਇਟੀਆਂ ਤੇ ਲਗਾਈਆਂ ਗਈਆਂ ਹਨ| ਉਨ੍ਹਾਂ ਕਿਹਾ ਕੇ ਜੇਕਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿਕੱਤ ਆਉਂਦੀ ਹੈ ਤਾਂ ਉਹ ਆਪਣੇ ਸਬੰਧਿਤ ਖੇਤੀਬਾੜੀ ਅਫ਼ਸਰ ਨੂੰ ਮਿਲ ਸਕਦੇ ਹਨ ਉਨ੍ਹਾਂ ਦੀ ਹਰ ਪ੍ਰੇਸ਼ਾਨੀ ਦਾ ਹੱਲ ਕੀਤਾ ਜਾਵੇਗਾ|

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਆਧੁਨਿਕ ਮਸ਼ੀਨਰੀ ਦਾ ਉਪਯੋਗ ਕਰਦੇ ਹੋਏ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਰਲਾਇਆ ਜਾਵੇ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਜ਼ਮੀਨ ਵਿੱਚ ਰਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਕਿਉਂਕਿ ਇਸ ਨਾਲ ਜਮੀਨ ਵਿਚ ਕਾਰਬਨਿਕ ਮਾਦੇ ਵਿਚ ਵਾਧਾ ਹੁੰਦਾ ਹੈ।