ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੇ ਸਹੀ ਨਿਪਟਾਰੇ ਲਈ ਜਾਗਰੂਕਤਾ ਮੁਹਿੰਮ ਜਾਰੀ

ਪਿੰਡ ਕਰਨਪੁਰ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਮਾਹਰਾਂ ਨੇ ਪਰਾਲੀ ਦੇ ਨਿਪਟਾਰੇ ਸਬੰਧੀ ਕੀਤਾ ਕਿਸਾਨਾਂ ਨੂੰ ਜਾਗਰੂਕ
ਪਟਿਆਲਾ (ਸਨੌਰ), 6 ਅਕਤੂਬਰ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਭੁਨਰਹੇੜੀ ਦੇ ਪਿੰਡ ਕਰਨਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਭੁਨਰਹੇੜੀ ਸ਼ੇਰ ਸਿੰਘ ਦੀ ਅਗਵਾਈ ਹੇਠ ਲਗਾਏ ਜਾਗਰੂਕਤਾ ਕੈਂਪ ‘ਚ ਵੱਡੀ ਪੱਧਰ ‘ਤੇ ਕਿਸਾਨਾਂ ਨੇ ਸ਼ਿਰਕਤ ਕਰਕੇ ਮਾਹਰਾਂ ਪਾਸੋਂ ਪਰਾਲੀ ਦੇ ਨਿਪਟਾਰੇ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਹਾਜ਼ਰ ਆਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਹੀ ਜ਼ਮੀਨ ਦੇ ਬਹੁਤ ਸਾਰੇ ਖੁਰਾਕੀ ਤੱਤ ਸੜ ਕੇ ਸਵਾਹ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਦੀ ਹੈ। ਉਨ੍ਹਾਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਤਰੀਕਿਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।
ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ‘ਚ ਵਾਧਾ ਹੁੰਦਾ ਹੈ ਤੇ ਮਿੱਤਰ ਕੀੜਿਆਂ ਦੀ ਗਿਣਤੀ ਵੀ ਵਧਦੀ ਹੈ, ਜਿਸ ਨਾਲ ਫ਼ਸਲਾਂ ਉੱਤੇ ਹਾਨੀਕਾਰਕ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਘਟਦਾ ਹੈ ਅਤੇ ਫ਼ਸਲਾਂ ਉੱਤੇ ਕੀਟਨਾਸ਼ਕ ਅਤੇ ਉਲੀਨਾਸ਼ਕ ਦਵਾਈਆਂ ਦੀ ਵਰਤੋ ਘੱਟ ਕਰਨੀ ਪੈਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਕਣਕ ਦੀ ਨਵੀਂਆਂ ਕਿਸਮਾਂ, ਬੀਜ ਦੀ ਸੋਧ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਕੈਂਪ ਦੌਰਾਨ ਬੀ.ਟੀ.ਐਮ ਨੇਹਾ ਕਥੂਰੀਆ, ਖੇਤੀਬਾੜੀ ਉਪ-ਨਿਰੀਖਕ ਅਮਰਨਾਥ, ਸਰਪੰਚ ਜਸਵਿੰਦਰ ਸਿੰਘ, ਦਵਿੰਦਰ ਸਿੰਘ, ਦੇਵੀ ਦਿਆਲ, ਬਹਾਦਰ ਸਿੰਘ, ਸੁਖਵਿੰਦਰ ਸਿੰਘ ਸਮੇਤ ਪਿੰਡ ਕਰਨਪੁਰ, ਮੈਹਰਗੜ੍ਹ ਬੱਤੀ, ਬੱਤਾ, ਮਲਕਪੁਰ ਜੱਟਾ, ਕੋਟਲਾ ਗਹਿਰੂ ਦੇ ਅਗਾਂਹਵਧੂ ਕਿਸਾਨ ਵੀ ਕੈਂਪ ‘ਚ ਹਾਜ਼ਰ ਸਨ।
ਕੈਪਸ਼ਨ: ਖੇਤੀਬਾੜੀ ਵਿਭਾਗ ਦੀ ਟੀਮ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ।