ਨਵਾਂਸ਼ਹਿਰ, 24 ਸਤੰਬਰ :
ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਹੈ। ਉਨਾਂ ਕਿਹਾ ਕਿ ਬੰਗਾ ਹਲਕੇ ਦੇ ਜੁਝਾਰੂ ਵਰਕਰ ਇਸ ਔਖੀ ਘੜੀ ਵਿਚ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਉਨਾਂ ਵੱਲੋਂ ਵਿੱਢੇ ਸੰਘਰਸ਼ ਵਿਚ ਵੱਧ-ਚੜ ਕੇ ਹਿੱਸਾ ਲੈਣਗੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿਚ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਕੇਂਦਰ ਸਰਕਾਰ ਵੱਲੋਂ ਉਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁਲਕ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਦੀ ਸਾਂਝੀ ਲੜਾਈ ਹੈ। ਉਨਾਂ ਕਿਹਾ ਕਿ ਜੇਕਰ ਕਿਸਾਨੀ ਖ਼ਤਮ ਹੋ ਗਈ ਤਾਂ ਸੂਬੇ ਦੀ ਆਰਥਿਕਤਾ ਤਬਾਹ ਹੋ ਜਾਵੇਗੀ। ਇਸ ਲਈ ਇਹ ਵੇਲਾ ਕਿਸਾਨੀ ਪ੍ਰਤੀ ਹਾਅ ਦਾ ਨਾਅਰਾ ਮਾਰਨ ਦਾ ਹੈ।

English






