ਡਾਇਰੈਕਟੋਰੇਟ ਸਿਹਤ ਸੇਵਾਵਾਂ ਵਿਖੇ ਮਾਹਿਰ ਡਾਕਟਰਾਂ ਤੇ ਮੈਡੀਕਲ ਅਫਸਰਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ: ਬਲਬੀਰ ਸਿੰਘ

— 31 ਦਸੰਬਰ 2023 ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਦੀਆਂ ਐਮਰਜੈਂਸੀ ਸੇਵਾਵਾਂ ਅੱਪਗ੍ਰੇਡ ਕੀਤੀਆਂ ਜਾਣਗੀਆਂ – ਸਿਹਤ ਮੰਤਰੀ
ਰੂਪਨਗਰ, 25 ਅਕਤੂਬਰ:
ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਸਾਰੇ ਮਾਹਿਰ ਡਾਕਟਰਾਂ ਅਤੇ ਮੈਡੀਕਲ ਅਫ਼ਸਰਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 31 ਦਸੰਬਰ, 2023 ਤੱਕ ਜ਼ਿਲ੍ਹਾ ਹਸਪਤਾਲਾਂ ਦੀ ਐਮਰਜੈਂਸੀ ਨੂੰ ਅਪਗ੍ਰੇਡ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਸਰਵਉੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਪੜਾਅਵਾਰ ਸਬ ਡਿਵੀਜ਼ਨਲ ਹਸਪਤਾਲਾਂ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਜ਼ਿਲ੍ਹਾ ਰੂਪਨਗਰ ਦੀਆਂ ਐਮਰਜੈਂਸੀ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਪੱਧਰ ‘ਤੇ ਡਿਊਟੀ ਵਿੱਚ ਕੁਤਾਹੀ ਪਾਈ ਗਈ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਯੋਜਨਾ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਅਤਿ ਆਧੁਨਿਕ ਆਈ.ਸੀ.ਯੂ.  ਸਥਾਪਿਤ ਕੀਤੇ ਜਾ ਰਹੇ ਹਨ ਜਿਸ ਲਈ ਸਟਾਫ ਨੂੰ ਤਕਨੀਕੀ ਅਤੇ ਉੱਨਤ ਸਿਖਲਾਈ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਸਟਾਫ਼ ਦੀ ਘਾਟ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਦੇ ਸਾਰੇ ਵਾਰਡਾਂ ਅਤੇ ਸ਼ਾਖਾਵਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਦੀਆਂ ਸੇਵਾਵਾਂ ਨੂੰ ਤਰਕਸੰਗਤ ਬਣਾਇਆ ਜਾਵੇ ਜਦਕਿ ਜ਼ਿਲ੍ਹਾ ਰੂਪਨਗਰ ਵਿੱਚ ਹੋਰ ਜ਼ਿਲ੍ਹਿਆਂ ਤੋਂ ਵੱਧ ਸਟਾਫ਼ ਤਾਇਨਾਤ ਹੈ।
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਉਠਾਏ ਗਏ ਮੁੱਦੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਕਟਲੀ ਦੇ ਹਾਈ ਕੋਰਟ ਵਿਖੇ ਲੰਬੇ ਸਮੇਂ ਤੋਂ ਚੱਲ ਰਹੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਹਾਊਸ ਸਰਜਨਾਂ, ਹੋਰ ਮੈਡੀਕਲ ਅਫ਼ਸਰਾਂ ਅਤੇ ਸਟਾਫ਼ ਲਈ ਵੀ ਜਲਦੀ ਹੀ ਰਿਹਾਇਸ਼ ਦੀ ਸਹੂਲਤ ਦਿੱਤੀ ਜਾਵੇਗੀ।
ਐਮ.ਡੀ.ਆਰ ਅਤੇ ਸੀ.ਡੀ.ਆਰ ਕੇਸਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੌਤ ਦਰ ਨੂੰ ਘਟਾਉਣ ਲਈ ਸਾਰੇ ਕੇਸਾਂ ਦੀ ਵਿਸਤਰਿਤ ਜਾਂਚ ਕੀਤੀ ਜਾਵੇ। ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲਾਂ ਦੀ ਕਾਰਗੁਜ਼ਾਰੀ ਦੀ ਹਫ਼ਤਾਵਾਰੀ ਰਿਪੋਰਟ ਪੇਸ਼ ਕਰਨ ਜਿਸ ਦਾ ਮੁਲਾਂਕਣ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਓ.ਐਸ.ਡੀ./ਸਿਹਤ ਮੰਤਰੀ ਕਰਨਲ ਜੇ.ਵੀ. ਸਿੰਘ, ਐਸ.ਡੀ.ਐਮ ਹਰਬੰਸ ਸਿੰਘ, ਐਸ.ਐਮ.ਓ ਡਾ.ਤਰਸੇਮ ਸਿੰਘ, ਐਡਵੋਕੇਟ ਵਿਕਰਮ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।