ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਸਬੰਧੀ ਆ ਰਹੇ ਕੇਸਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ ਮੀਟਿੰਗ

ਜ਼ਿਲ੍ਹੇ ਵਿੱਚ ਡੇਂਗੂ ਨੰੁ ਫੈਲਣ ਤੋਂ ਰੋਕਣ ਲਈ ਸਮੂਹ ਵਿਭਾਗਾਂ ਨੂੰ ਆਪਣਾ ਯੋਗਦਾਨ ਪਾਉਣ ਦੀ ਅਪੀਲ
ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਰਕਾਰੀ ਹਸਪਤਾਲਾਂ ਵਿਚ ਸਾਰੀਆਂ ਸਹੂਲਤਾਂ ਉਪਲਬਧ
ਤਰਨ ਤਾਰਨ, 28 ਅਕਤੂਬਰ:
ਜ਼ਿਲ੍ਹੇ ਵਿੱਚ ਡੇਂਗੂ ਨੰੁ ਫੈਲਣ ਤੋਂ ਰੋਕਣ ਲਈ ਸਮੂਹ ਵਿਭਾਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਡੇਂਗੂ ਸਬੰਧੀ ਆ ਰਹੇ ਕੇਸਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਤੋਂ ਇਲਾਵਾ ਸਮੂਹ ਐੱਸ. ਐੱਮ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦਾ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ ਸਮੂਹ ਵਿਭਾਗਾਂ ਵੱਲੋਂ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ, ਜਿਸ ਵਿਚ ਸਿਹਤ ਵਿਭਾਗ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਆਦਿ ਸ਼ਾਮਲ ਹਨ।
ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਕੀਤਾ ਜਾ ਸਕਦਾ ਹੈ ਕਿਉਂਕਿ ਮੱਛਰਾਂ ਦਾ ਪ੍ਰਜਨਣ ਮੁੱਖ ਤੌਰ ‘ਤੇ ਘਰਾਂ ਅਤੇ ਦਫ਼ਤਰਾਂ ਵਿੱਚ ਹੁੰਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਸ਼ੁੱਕਰਵਾਰ-ਡਰਾਈ ਡੇਅ ਦੀ ਘੋਸ਼ਣਾ ਕੀਤੀ ਹੈ, ਜਿਸਦਾ ਅਰਥ ਹੈ ਕਿ ਹਫ਼ਤੇ ਵਿਚ ਇਕ ਵਾਰ ਪਾਣੀ ਦੇ ਡੱਬਿਆਂ ਆਦਿ ਨੂੰ ਖਾਲੀ ਅਤੇ ਸਾਫ਼ ਕਰਕੇ ਡੇਂਗੂ ਦੀ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ।
ਉਨਾਂ ਕਿਹਾ ਕਿ ਡੇਂਗੂ ਦੇ ਬਹੁਤੇ ਮਾਮਲੇ ਸੂਬੇ ਦੇ ਸ਼ਹਿਰੀ ਇਲਾਕਿਆਂ ਵਿੱਚ ਸਾਹਮਣੇ ਆ ਰਹੇ ਹਨ ਜਿੱਥੇ ਕੂਲਰਾਂ, ਟਾਇਰਾਂ, ਫਰਿੱਜ਼ਾਂ ਦੀਆਂ ਟਰੇਆਂ, ਫੁੱਲਾਂ ਦੇ ਗਮਲੇ ਅਤੇ ਫਾਲਤੂ ਸਮਾਨ ਵਿੱਚ ਮੱਛਰ ਦਾ ਪ੍ਰਜਨਣ ਸਭ ਤੋਂ ਵੱਧ ਹੁੰਦਾ ਹੈ।ਉਹਨਾਂ ਦੱਸਿਆ ਕਿ ਡੇਂਗੂ ਦਾ ਕਾਰਨ ਬਣਨ ਵਾਲਾ ਮੱਛਰ ਅਤੇ ਚਿਕਨਗੁਨੀਆ (ਏਡੀਜ਼) ਸਿਰਫ਼ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ ਅਤੇ ਸਿਰਫ਼ ਦਿਨ ਦੇ ਸਮੇਂ ਲੜਦੇ ਹਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਖ਼ਾਰ ਵਾਲੇ ਮਾਮਲਿਆਂ ਦਾ ਤੁਰੰਤ ਇਲਾਜ ਕੀਤਾ ਜਾਵੇ ਤਾਂ ਜੋ ਡੇਂਗੂ ਕਾਰਨ ਹੋਈ ਬਿਮਾਰੀ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨਾਂ ਕਿਹਾ ਕਿ ਡੇਂਗੂ ਪਲੇਟਲੈੱਟ ਦੀ ਘਾਟ ਦਾ ਇਕਲੌਤਾ ਕਾਰਨ ਨਹੀਂ ਹੈ ਅਤੇ ਇਸ ਨਾਲ ਘਬਰਾਉਣਾ ਨਹੀਂ ਚਾਹੀਦਾ।ਉਹਨਾਂ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਰਕਾਰੀ ਹਸਪਤਾਲਾਂ ਵਿਚ ਸਾਰੀਆਂ ਸਹੂਲਤਾਂ ਉਪਲੱਬਧ ਹਨ।
ਉਹਨਾਂ ਅੱਗੇ ਕਿਹਾ ਕਿ ਜੇਕਰ ਡੇਂਗੂ ਦਾ ਕੋਈ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਲੋਕਾਂ ਨੂੰ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਕੋਲ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਸਥਾਨਕ ਸਰਕਾਰਾਂ ਵਿਭਾਗ ਵਲੋਂ ਉਸ ਇਲਾਕੇ ਵਿਚ ਸਪਰੇਅ ਅਤੇ ਫੌਗਿੰਗ ਕੀਤੀ ਜਾ ਸਕੇ।