ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹਸਪਤਾਲ ਦਾ ਮੁਕੰਮਲ ਨਵੀਨੀਕਰਨ ਸਬੰਧੀ ਪ੍ਰਸਤਾਵ ਦੀ ਸਮੀਖਿਆ ਕੀਤੀ

— ਆਯੁਸ਼ਮਾਨ ਭਾਰਤ ਅਧੀਨ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ

ਰੂਪਨਗਰ, 9 ਅਕਤੂਬਰ:

ਜ਼ਿਲ੍ਹਾ ਹਸਪਤਾਲ ਵਿਖੇ ਮਰੀਜ਼ਾਂ ਨੂੰ ਦੂਜੀ ਸ਼੍ਰੇਣੀ ਦੇ ਪੱਧਰ ਦੀਆਂ ਵੱਖ-ਵੱਖ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਇਨ੍ਹਾਂ ਵਿਚ ਹੋਰ ਸੁਧਾਰ ਕਰਨ ਅਤੇ ਜ਼ਿਲ੍ਹਾ ਹਸਪਤਾਲ ਦੀ ਇਮਾਰਤ ਦਾ ਮੁਕੰਮਲ ਨਵੀਨੀਕਰਨ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ।

ਮੀਟਿੰਗ ਵਿਚ ਜ਼ਿਲ੍ਹਾ ਹਸਪਤਾਲ ਦੇ ਨਵੀਨੀਕਰਨ ਸਬੰਧੀ ਪ੍ਰਸਤਾਵ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਸ ਸਬੰਧੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਨੇਪੜੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ (ਜ),  ਸਿਵਲ ਸਰਜਨ, ਗਮਾਡਾ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਕਸੀਅਨ ਦੀ ਕਮੇਟੀ ਗਠਿਤ ਕੀਤੀ ਜਾਵੇ ਜਿਨ੍ਹਾਂ ਵਲੋਂ ਕੀਤੇ ਗਏ ਕਾਰਜ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।

ਸਿਵਲ ਹਸਪਤਾਲ ਰੂਪਨਗਰ ਵਿਖੇ ਚਲਾਏ ਜਾ ਰਹੇ ਨਸ਼ਾ ਛਡਾਉ ਕੇਂਦਰ ਵਿਖੇ ਮਿਲ ਰਹੀਆਂ ਇਲਾਜ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਰੂਪਨਗਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਾ ਛਡਾਉ ਕੇਂਦਰ ਦੇ ਆਧੁਨਿਕਰਨ ਨੂੰ ਸਮਾਂਬੱਧ ਸੀਮਾ ਵਿਚ ਮੁਕੰਮਲ ਕਰਨ ਲਈ ਜਲਦ ਟੈਂਡਰ ਦੀ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਜਾਵੇ ਅਤੇ ਇਸ ਕੇਂਦਰ ਵਿਚ ਆਉਣ ਵਾਲੇ ਨਸ਼ਾ ਪੀੜ੍ਹਤ ਮਰੀਜ਼ਾਂ ਤੋਂ ਲੈਕੇ ਮਾਨਸਿਕ ਬਿਮਾਰੀਆਂ ਤੋਂ ਪੀੜ੍ਹਤ ਹਰ ਵਰਗ ਦੇ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਦੇਣ ਵਿਚ ਕੋਈ ਕਮੀ ਨਾ ਛੱਡੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵੀ ਜਾਇਜ਼ਾ ਲਿਆ ਅਤੇ ਡੀ.ਐਮ.ਸੀ ਡਾ. ਬਲਦੇਵ ਸਿੰਘ ਨੂੰ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਕਰਨ ਲਈ ਕਿਹਾ ਅਤੇ ਯੋਜਨਾ ਅਧੀਨ ਰੋਜ਼ਾਨਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ।
ਡਾ. ਪ੍ਰੀਤੀ ਯਾਦਵ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤਾ ਜਾਣ ਵਾਲੇ ਨਵਾ ਡਾਇਲੇਸਿਸ ਯੂਨਿਟ ਦੀ ਸਥਿਤੀ ਦਾ ਵੀ ਨਿਰੀਖਣ ਕੀਤਾ ਅਤੇ ਸਿਵਲ ਸਰਜਨ ਨੂੰ ਇਸ ਦੀ ਪ੍ਰਕਿਰਿਆ ਜਲਦ ਨੇਪੜੇ ਚਾੜਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਿਡਨੀ ਫੇਲ ਹੋਣ ਵਾਲੇ ਮਰੀਜ਼ਾਂ ਨੂੰ ਰਾਹਤ ਦੇਣ ਲਈ ਇਹ ਜ਼ਰੂਰੀ ਹੈ ਕਿ ਇਸ ਯੂਨਿਟ ਦੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਜਾ ਫਿਰ ਲੰਮਾ ਸਫਰ ਤੈਅ ਕਰਕੇ ਇਲਾਜ ਨਾ ਕਰਵਾਉਣਾ ਪਵੇ।

ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਮੁੱਖ ਮੰਤਰੀ ਫੀਲਡ ਅਫਸਰ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਅਰਵਿੰਦਰਪਾਲ ਸਿੰਘ ਸੋਮਲ, ਵਧੀਕ ਸਿਵਲ ਸਰਜਨ ਡਾ. ਅੰਜੂ, ਸੀਨੀਅਰ ਮੈਡੀਕਲ ਅਫਸਰ ਡਾ. ਤਰਸੇਮ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।