ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ 

ਰੂਪਨਗਰ, 23 ਅਕਤੂਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋ ਰਹੀ ਖਰੀਦ ਤੇ ਲਿਫਟਿੰਗ ਦਾ ਨਿਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਖਰੀਦ ਨੂੰ ਕਿਸਾਨਾਂ ਲਈ ਵੱਧ ਤੋਂ ਵੱਧ ਸੁਖਾਵਾਂ ਬਣਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਮਾਰਕਫੈੱਡ ਅਤੇ ਪਨਗ੍ਰੇਨ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਤੇ ਲਿਫਟਿੰਗ ਦੇ ਪ੍ਰਬੰਧਾਂ ਨੂੰ ਸਮਾਂਬੱਧ ਸਮੇਂ ਅਨੁਸਾਰ ਨੇਪੜੇ ਚੜ੍ਹਿਆ ਜਾਵੇ ਅਤੇ ਰੋਜ਼ਾਨਾ ਲਿਫਟਿੰਗ ਯਕੀਨੀ ਮੁਕੰਮਲ ਕੀਤੀ ਜਾਵੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰੂਪਨਗਰ ਸਤਬੀਰ ਸਿੰਘ ਮਾਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,33,133 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ 68,755 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ 210.74 ਲੱਖ ਬਣਦੀ ਸੀ, ਪ੍ਰੰਤੂ ਕਿਸਾਨਾਂ ਨੂੰ 238.74 ਲੱਖ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਸਹਾਇਕ ਕਮਿਸ਼ਨਰ (ਯੂ.ਡੀ) ਸ਼ੁਭੀ ਆਂਗਰਾ, ਜ਼ਿਲ੍ਹਾ ਮੰਡੀ ਅਫਸਰ ਭਜਨ ਕੌਰ, ਖੇਤੀਬਾੜੀ ਅਫਸਰ ਪੰਕਜ ਸਿੰਘ, ਡੀ.ਐਮ. ਪਨਸਪ ਸੰਜੀਵ ਸ਼ਰਮਾ, ਡੀ.ਐਮ ਮਾਰਕਫੈੱਡ ਬਲਜਿੰਦਰ ਸਿੰਘ ਅਤੇ ਵੇਅਰਹਾਊਸ ਮੈਨੇਜਰ ਰਾਮਪਾਲ ਹਾਜ਼ਰ ਸਨ।