ਗੁਰਦਾਸਪੁਰ, 23 ਅਕਤੂਬਰ ( ) ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਫਸਲ ਦਾ ਸੀਜ਼ਨ ਪੂਰੀ ਤੇਜੀ ਨਾਲ ਚੱਲ ਰਿਹਾ ਹੈ ਅਤੇ ਫਸਲ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਨੂੰ ਸਖ਼ਤੀ ਨਾਲ ਰੋਕਣ ਦੀ ਜਰੂਰਤ ਹੈ। ਉਨਾਂ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨਾਲ ਪੈਦਾ ਹੁੰਦੇ ਧੂੰਏ ਨਾਲ ਸੜਕੀ ਹਾਦਸੇ ਵੱਧਣ ਦਾ ਖਤਰਾ ਵੱਧ ਜਾਂਦਾ ਹੈ, ਜਿਸ ਨਾਲ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਨਾੜ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਦੀ ਲੋੜ ਹੈ।
ਐਸ.ਐਸ.ਪੀ ਨੇ ਅੱਗੇ ਕਿਹਾ ਕਿ ਅਜੋਕੇ ਸਮੇਂ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਅਤੇ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੀ ਬਜਾਇ ਖੇਤਾਂ ਵਿਚ ਹੀ ਵਹਾ ਕੇ ਅਗਲੀ ਫਸਲ ਬੀਜਣੀ ਚਾਹੀਦੀ ਹੈ। ਉਨਾਂ ਅੱਗੇ ਦੱਸਿਆ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਫਿਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਧਰਤੀ ਦੀ ਖੁਰਾਕੀ ਤੱਤਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੁੰਦਾ ਹੈ।
ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਾੜ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ ਤੇ ਮਾਣਯੋਗ ਗਰੀਨ ਟ੍ਰਿਬਿਊਨਲ ਦੇ ਆਦੇਸ਼ ਤੇ ਗਠਿਤ ਸਿਵਲ ਤੇ ਪੁਲਿਸ ਦੀ ਸਾਂਝੀਆਂ ਗਠਿਤ ਵੱਖ-ਵੱਖ ਟੀਮਾਂ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤੇ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।

English






