ਪਲਸ-ਪੋਲੀਉ ਮੁਹਿੰਮ ਦੇ ਦੂਜੇ ਦਿਨ 16 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਨਯਾਗਾਉਂ ਵਿਚ ਲਿਆ ਮੁਹਿੰਮ ਦਾ ਜਾਇਜ਼ਾ
ਐਸ.ਏ.ਐਸ ਨਗਰ, 28 ਜੂਨ 2021
ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸ.ਐਨ.ਆਈ.ਡੀ)’ ਮੁਹਿੰਮ ਦੇ ਦੂਜੇ ਦਿਨ ਕੁਲ 16,157 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ। ਪਹਿਲੇ ਦਿਨ 19762 ਬੱਚਿਆਂ ਨੂੰ ਦਵਾਈ ਪਿਲਾਈ ਗਈ ਸੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵਿਕਰਾਂਤ ਨਾਗਰਾ ਨੇ ਅੱਜ ਨਯਾਗਾਉਂ ਵਿਚ ਪਲਸ ਪੋਲੀਉ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦਸਿਆ ਕਿ ਹੁਣ ਤਕ ਕੁਲ 35919 ਬੱਚਿਆਂ ਨੂੰ ਦਵਾਈ ਪਿਲਾਏ ਜਾਣ ਨਾਲ 85 ਫ਼ੀਸਦੀ ਟੀਚਾ ਹਾਸਲ ਕਰ ਲਿਆ ਗਿਆ ਹੈ।
ਸਿਵਲ ਸਰਜਨ ਨੇ ਦਸਿਆ ਕਿ ਇਸ ਵਿਸ਼ੇਸ਼ ਮੁਹਿਮ ਤਹਿਤ ਸਿਰਫ਼ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ, ਡੇਰੇ ਆਦਿ ਕਵਰ ਕੀਤੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ 42,120 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਹੈ। ਉਨ੍ਹਾਂ ਦਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਜਿਹੜੇ ਵੀ ਬੱਚਿਆਂ ਨੂੰ ਵੇਖਿਆ, ਉਨ੍ਹਾਂ ਸਾਰਿਆਂ ਨੂੰ ਦਵਾਈ ਪਿਲਾਈ ਹੋਈ ਸੀ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਸਿਹਤ ਕਾਮੇ ਪੂਰੀ ਸਾਵਧਾਨੀ ਵਰਤ ਕੇ ਦਵਾਈ ਪਿਲਾ ਰਹੇ ਹਨ ਤਾਕਿ ਉਹ ਖ਼ੁਦ ਵੀ ਅਤੇ ਬੱਚੇ ਵੀ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਦੂਜੇ ਦਿਨ ਵੀ ਮੁਹਿੰਮ ਦੀ ਚੈਕਿੰਗ ਕੀਤੀ ਅਤੇ ਯਕੀਨੀ ਬਣਾਇਆ ਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਖ਼ਤ ਗਰਮੀ ਵਿਚ ਥਾਂ-ਥਾਂ ਘੁੰਮ ਕੇ ਦਵਾਈ ਪਿਲਾ ਰਹੇ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਵਿਚ ਪੋਲੀਓ ਰੋਕੂ ਮੁਹਿੰਮ ਦੀ ਪ੍ਰਗਤੀ ’ਤੇ ਤਸੱਲੀ ਪ੍ਰਗਟ ਕੀਤੀ। ਸਿਵਲ ਸਰਜਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੁਲ 361 ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿਚ 312 ਹਾਊਸ ਟੂ ਹਾਊਸ ਟੀਮਾਂ ਹਨ। ਕੁਲ 51 ਸੁਪਰਵਾਇਜ਼ਰ ਇਨ੍ਹਾਂ ਟੀਮਾਂ ’ਤੇ ਨਿਗਰਾਨੀ ਰੱਖ ਰਹੇ ਹਨ। ਮੋਬਾਈਲ ਟੀਮਾਂ ਦੀ ਗਿਣਤੀ 49 ਜਦਕਿ ਵੈਕਸੀਨੇਟਰਾਂ ਦੀ ਗਿਣਤੀ 722 ਹੈ।
ਫ਼ੋਟੋ ਕੈਪਸ਼ਨ : ਨਯਾਗਾਉਂ ਵਿਚ ਸਿਵਲ ਸਰਜਨ ਅਤੇ ਹੋਰ ਅਧਿਕਾਰੀ ਬੱਚਿਆਂ ਦੀਆਂ ਉਂਗਲਾਂ ’ਤੇ ਲੱਗੇ ਨਿਸ਼ਾਨ ਵੇਖਦੇ ਹੋਏ।