*ਕੈਪਟਨ ਸਰਕਾਰ ਵੱਲੋਂ ਉਠਾਏ ਕਦਮ ਨਾਲ ਕਿਸਾਨ ਅਤੇ ਆੜ੍ਹਤੀਏ ਬਚ ਜਾਣਗੇ: ਕਿਸਾਨ ਹਰਪਾਲ ਸਿੰਘ
ਬਰਨਾਲਾ, 20 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਦੇ ਪੱਖ ਵਿਚ ਵਿਧਾਨ ਸਭਾ ਵਿਚ ਲਿਆਂਦੇ ਗਏ ਅਹਿਮ ਬਿੱਲਾਂ ਦਾ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰਾਂ ਧਿਰਾਂ ਨੇ ਭਰਵਾਂ ਸਵਾਗਤ ਕੀਤਾ ਹੈ।
ਬਰਨਾਲਾ ਅਨਾਜ ਮੰਡੀ ਵਿੱਚ ਖਰੀਦ ਕਾਰਜ ਦੌਰਾਨ ਗੱਲਬਾਤ ਕਰਦਿਆਂ ਪਿੰਡ ਪੱਖੋਕੇ ਦੇ ਕਿਸਾਨ ਹਰਪਾਲ ਸਿੰਘ ਨੇ ਆਖਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਵਿਚ ਜੇ ਕੋਈ ਐਮਐਸਪੀ ਤੋਂ ਘੱਟ ਰੇਟ ’ਤੇ ਜਿਣਸ ਖਰੀਦਦਾ ਹੈ ਤਾਂ ਉਸ ਨੂੰ ਸਜ਼ਾ ਦੀ ਤਜਵੀਜ਼ ਹੈ, ਜੋ ਕਿ ਬਹੁਤ ਸ਼ਲਾਘਾਯੋਗ ਹੈ। ਉਹ ਇਸ ਕਦਮ ਬਦਲੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਇਸੇ ਤਰ੍ਹਾਂ ਕਿਸਾਨ ਕਰਮਜੀਤ ਸਿੰਘ ਵਾਸੀ ਕਰਮਗੜ੍ਹ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਦੌਰਾਨ ਆੜ੍ਹਤੀਆ ਹਿਤੇਸ਼ ਕੁਮਾਰ ਸਣੇ ਹੋਰ ਆੜ੍ਹਤੀਆਂ ਅਤੇ ਵੱਖ ਵੱਖ ਧਿਰਾਂ ਵੱਲੋਂ ਪੰਜਾਬ ਸਰਕਾਰ ਦੇ ਕਿਸਾਨ ਪੱਖੀ ਕਦਮ ਦੀ ਸ਼ਲਾਘਾ ਕੀਤੀ ਗਈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਬਿੱਲ ਪੇਸ਼ ਕੀਤੇ ਹਨ। ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ। ਇਹ ਸੁਨਿਸ਼ਚਿਤ ਕਰਨਗੇ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿਕਰੀ ਜਾਂ ਖਰੀਦ ਯੋਗ ਨਹੀਂ ਹੋਵੇਗੀ, ਜਦ ਤੱਕ ਇਸ ਦੀ ਅਦਾ ਕੀਤੀ ਕੀਮਤ ਐਮਐਸਪੀ ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ। ਐਮਐਸਪੀ ਤੋਂ ਘੱਟ ਖਰੀਦਣ ਵਾਲਾ ਕੋਈ ਵੀ ਹੋਵੇ ਉਸਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋਵੇਗੀ। ਇਕ ਹੋਰ ਬਿੱਲ ਅਨੁਸਾਰ 2.5 ਏਕੜ ਤੋਂ ਘੱਟ ਜ਼ਮੀਨ ਵਾਲੀ ਜ਼ਮੀਨ ਨੂੰ ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਮੁੜ ਵਸੂਲੀ ਦੀ ਕਾਰਵਾਈ ਨਾਲ ਜੋੜਿਆ ਨਹੀਂ ਜਾਏਗਾ। ਇਹ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ਵਿਚ ਖੇਤ ਦੀ ਜ਼ਮੀਨ ਦੀ ਕੁਰਕੀ ਤੋਂ ਬਚਾਉਣ ਦੀ ਕੋਸ਼ਿਸ਼ ਕਰਦਾ ਹੈ।

English




